ਅਪਰੇਸ਼ਨ ਲੋਟਸ: ਭਾਜਪਾ ਨੇ ਹਾਈ ਕੋਰਟ ਦੇ ਜੱਜ ਤੋਂ ਜਾਂਚ ਮੰਗੀ

ਚੰਡੀਗੜ੍ਹ, 15 ਸਤੰਬਰ– : ਇਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਇੱਥੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਹੈ। ਭਾਜਪਾ ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਆਉਣ ਵਾਲੇ ਕੁਝ ਮਹੀਨਿਆਂ ’ਚ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਮਾੜੀ ਰਾਜਨੀਤੀ ਅਤੇ ਫਰਜ਼ੀ ਬਿਆਨਬਾਜ਼ੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ’ਤੇ ਲਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਕੀਤੇ ਜਾ ਰਹੇ ਯਤਨ ਹਨ। ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਤੇ ਇਸ ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਅਫਸਰਸ਼ਾਹੀ ’ਤੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਇਸ ਲਈ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਸੁਣੇ ਜਾ ਰਹੇ ਹਨ। ਇਸ ਤੋਂ ਸਾਫ ਹੈ ਕਿ ‘ਆਪ’ ’ਚ ਕਿਸ ਤਰ੍ਹਾਂ ਭ੍ਰਿਸਟਾਚਾਰ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ ‘ਆਪ’ ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ। ਇਸ ਲਈ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਬੇਹੱਦ ਜ਼ਰੂਰੀ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਇੱਕ ਸ਼ਿਕਾਇਤ ਸੂਬੇ ਦੇ ਡੀਜੀਪੀ ਵੀ ਸੌਂਪੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ, ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਅਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਭਟਕਾਇਆ ਜਾਵੇ। ਵਫਦ ਵਿੱਚ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਜਸਰਾਜ ਸਿੰਘ ਆਦਿ ਸ਼ਾਮਲ ਸਨ।

Add a Comment

Your email address will not be published. Required fields are marked *