ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ’ਚ 200 ਤੋਂ ਵੱਧ ਐੱਫ. ਆਈ. ਆਰ. ਦਰਜ : ਅਰਪਿਤ ਸ਼ੁਕਲਾ

ਚੰਡੀਗੜ੍ਹ : ਪੰਜਾਬ ਦੇ ਸਪੈਸ਼ਲ ਡੀ. ਜੀ .ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਪੰਜਾਬ ਪੁਲਸ ਵੱਲੋਂ ਹੁਣ ਤੱਕ 200 ਤੋਂ ਵੱਧ ਐੱਫ. ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਬੁੱਧਵਾਰ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪਰਾਲੀ ਸਾੜਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪਰਾਲੀ ਸਾੜਨ ਦੀ ਇਕ ਵੀ ਘਟਨਾ ਨਾ ਵਾਪਰੇ। ਉਨ੍ਹਾਂ ਨੂੰ ਡੀ.ਜੀ.ਪੀ. ਗੌਰਵ ਯਾਦਵ ਨੇ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਪੰਜਾਬ ਪੁਲਸ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੇਸ ਦਰਜ ਕਰਨ ਦੇ ਨਾਲ-ਨਾਲ ਪੁਲਸ ਨੇ ਕਈ ਥਾਵਾਂ ’ਤੇ ਭਾਰੀ ਜੁਰਮਾਨੇ ਵੀ ਕੀਤੇ ਹਨ।

ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਪੰਚਾਇਤਾਂ ਅਤੇ ਸਰਪੰਚਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਸਮਝਾਉਣ ਲਈ ਵੀ ਕਿਹਾ ਗਿਆ ਹੈ ਕਿ ਪਰਾਲੀ ਨੂੰ ਅੱਗ ਲਾਉਣਾ ਸੂਬੇ ਦੇ ਹਿੱਤ ਵਿਚ ਨਹੀਂ ਹੈ। ਕਿਸਾਨਾਂ ਨੂੰ ਵੀ ਸਮਝਣਾ ਹੋਵੇਗਾ ਕਿ ਪਰਾਲੀ ਸਾੜਨਾ ਉਨ੍ਹਾਂ ਦੇ ਹਿੱਤਾਂ ਵਿਚ ਨਹੀਂ ਹੈ। ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਜਿਸ ਦਾ ਸਮੁੱਚੇ ਲੋਕਾਂ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਹੁਸ਼ਿਆਰਪੁਰ ਵਿੱਚ 18 ਨਵੰਬਰ ਨੂੰ ਹੋਣ ਵਾਲੀ ਰੈਲੀ ਸਬੰਧੀ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਤੇ ਕਿਹਾ ਕਿ ਰੈਲੀ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਧੀਆ ਹੈ । ਪੰਜਾਬ ਪੁਲਸ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ।

Add a Comment

Your email address will not be published. Required fields are marked *