ਦੇਸ਼ ਖਾਤਿਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਰਹੇਗਾ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਂ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ ਅਤੇ ਸਦਾ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਸਪੂਤਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ। ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਫ਼ੌਜ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈ।

Add a Comment

Your email address will not be published. Required fields are marked *