ਅੰਮ੍ਰਿਤਸਰ ’ਚ ਪੀਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕੇ ਵਿਚ ਉਸ ਸਮੇਂ ਸੰਨਸਨੀ ਫੈਲ ਗਈ ਜਦੋਂ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਾਬਾ ਬਲਦੇਵ ਸਿੰਘ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬਾਬਾ ਬਲਦੇਵ ਸਿੰਘ ਪਿਛਲੇ 25-26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਹੈ ਅਤੇ ਉਸ ਦਾ ਸਭ ਨਾਲ ਪਿਆਰ ਸੀ, ਕਿਸੇ ਨਾਲ ਵੈਰ-ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬੇ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਸ ਅਧੀਕਾਰੀ ਮੌਕੇ ’ਤੇ ਪੁੱਜੇ ਹਨ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬਾਬੇ ਦਾ ਕਤਲ ਕਿਸ ਨੇ ਕੀਤਾ ਹੈ। 

ਉੱਥੇ ਹੀ ਬਾਬਾ ਬਲਦੇਵ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬਾਬੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਅੱਜ ਸਾਨੂੰ ਪਤਾ ਲੱਗਾ ਕਿ ਬਾਬੇ ਨੂੰ ਕਿਸੇ ਨੇ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। 

ਦੂਜੇ ਪਾਸੇ ਮੌਕੇ ’ਤੇ ਪੁੱਜੇ ਏ. ਸੀ. ਪੀ. ਕਮਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕਾ ਗਵਾਲ ਮੰਡੀ ਵਿਚ ਪੀਰਾਂ ਦੀ ਦਰਗਾਹ ਹੈ, ਜਿੱਥੇ ਦਰਗਾਹ ਦੇ ਸੇਵਾਦਾਰ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਅਸੀਂ ਮੌਕੇ ’ਤੇ ਪੁੱਜੇ ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਇਸ ਕਤਲ ਕਾਂਡ ਦਾ ਖੁਲਾਸਾ ਕੀਤਾ ਜਾਵੇਗਾ। 

Add a Comment

Your email address will not be published. Required fields are marked *