ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ: ਕੁਲਦੀਪ ਧਾਲੀਵਾਲ

ਮੁਹਾਲੀ, 17 ਸਤੰਬਰ– :ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਸ੍ਰੀ ਧਾਲੀਵਾਲ ਅੱਜ ਇੱਥੇ ਪੰਜਾਬ ਮੰਡੀ ਬੋਰਡ ਭਵਨ ’ਚ ਵੱਖ-ਵੱਖ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਅਨਾਜ ਮੰਡੀਆਂ ’ਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਵੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨੇ ਜਿਹੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ ਝੋਨੇ ਦੇ ਇਸ ਸੀਜ਼ਨ ’ਚ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਰਹਿਣ ਲਈ ਆਖਿਆ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਫੀਲਡ ਸਟਾਫ ਵੀ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਸਿਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਏਗਾ।  

Add a Comment

Your email address will not be published. Required fields are marked *