ਪ੍ਰਿਯੰਕਾ ਗਾਂਧੀ ਨੇ ਓਲੰਪਿਕ ਤਮਗਾ ਜੇਤੂ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿਆਂ ਦੀ ਲੜਾਈ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਦਾ ਭਰੋਸਾ ਦਿਵਾਇਆ। ਪ੍ਰਿਅੰਕਾ ਗਾਂਧੀ ਸਾਕਸ਼ੀ ਮਲਿਕ ਦੇ ਘਰ ਪਹੁੰਚੀ, ਜਿੱਥੇ ਉਨ੍ਹਾਂ ਨੇ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਦੀਪੇਂਦਰ ਹੁੱਡਾ ਵੀ ਉਨ੍ਹਾਂ ਦੇ ਨਾਲ ਸਨ। 

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਨਿਆਂ ਦੀ ਲੜਾਈ ਵਿੱਚ ਦੋਵਾਂ ਪਹਿਲਵਾਨਾਂ ਦਾ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਹੈ। ਇਸ ਤੋਂ ਪਹਿਲਾਂ ਸਾਕਸ਼ੀ ਮਲਿਕ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਅਤੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨਾਲ ਮੁਲਾਕਾਤ ਕੀਤੀ। ਦੀਪੇਂਦਰ ਹੁੱਡਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ ਦੇਸ਼ ਅਤੇ ਖੇਡ ਜਗਤ ਦੀਆਂ ਔਰਤਾਂ ਦੇ ਸਨਮਾਨ ਲਈ ਇਹ ਚੰਗਾ ਸੰਕੇਤ ਨਹੀਂ ਹੈ। 

ਸਾਕਸ਼ੀ ਮਲਿਕ ਅਤੇ ਉਨ੍ਹਾਂ ਦੇ ਪਤੀ ਸਤਿਆਵਰਤ ਕਾਦਿਆਨ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਸ ਨਾਲ ਕੀਤੇ ਗਏ ਵਾਅਦੇ ਦੀ ਹੋਈ ਉਲੰਘਣਾ ਤੋਂ ਉਹ ਬਹੁਤ ਦੁਖੀ ਹੈ। ਉਨ੍ਹਾਂ ਨੇ ਕਿਹਾ, ”ਅਸੀਂ ਸਾਕਸ਼ੀ ਨੂੰ ਕੁਸ਼ਤੀ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਜਦੋਂ ਤੱਕ ਉਸ ਨੂੰ ਇਨਸਾਫ ਨਹੀਂ ਮਿਲਦਾ ਅਸੀਂ ਉਸ ਦਾ ਸਾਥ ਨਹੀਂ ਛੱਡਾਂਗੇ।”

ਟੋਕੀਓ ਓਲੰਪਿਕ ਕੁਸ਼ਤੀ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬਣਨ ਦੇ ਵਿਰੋਧ ਵਿੱਚ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਸਾਕਸ਼ੀ ਮਲਿਕ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। 

ਸੰਜੇ ਸਿੰਘ ਨੂੰ ਡਬਲਯੂ.ਐੱਫ.ਆਈ. ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ ਤੇ ਉਹ ਵੀਰਵਾਰ ਨੂੰ ਹੋਈਆਂ ਚੋਣਾਂ ਵਿੱਚ ਡਬਲਯੂ.ਐੱਫ.ਆਈ. ਦੇ ਪ੍ਰਧਾਨ ਬਣੇ ਅਤੇ ਉਨ੍ਹਾਂ ਦੇ ਪੈਨਲ ਨੇ 15 ਵਿੱਚੋਂ 13 ਅਹੁਦਿਆਂ ‘ਤੇ ਜਿੱਤ ਹਾਸਲ ਕੀਤੀ। ਇਹ ਨਤੀਜਾ ਤਿੰਨ ਚੋਟੀ ਦੇ ਪਹਿਲਵਾਨਾਂ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਪੂਨੀਆ ਲਈ ਵੱਡੀ ਨਿਰਾਸ਼ਾ ਸੀ, ਜਿਨ੍ਹਾਂ ਨੇ ਫੈਡਰੇਸ਼ਨ ਵਿੱਚ ਤਬਦੀਲੀ ਲਿਆਉਣ ਲਈ ਕਾਫ਼ੀ ਜ਼ੋਰ ਲਗਾਇਆ ਸੀ।

Add a Comment

Your email address will not be published. Required fields are marked *