ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਦਿੱਲੀ ਵਿਖੇ ਹਾਈਕਮਾਨ ਨਾਲ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਆਗੂਆਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮੀਟਿੰਗ ਦਾ ਸਮਾਂ ਅੱਜ ਸ਼ਾਮ ਸਾਢੇ 4 ਵਜੇ ਦੇ ਕਰੀਬ ਦੱਸਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ, ਉੱਥੇ ਹੀ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵੀ ਮੀਟਿੰਗ ਦੌਰਾਨ ਚੁੱਕਿਆ ਜਾਵੇਗਾ ਕਿਉਂਕਿ ਪਿਛਲੇ ਦਿਨੀਂ ਨਵਜੋਤ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸ਼ਬਦੀ ਜੰਗ ਛਿੜੀ ਸੀ।

ਬਾਜਵਾ ਨੇ ਸਿੱਧੂ ਨੂੰ ਕਿਹਾ ਸੀ ਕਿ ਉਹ ਵੱਖਰਾ ਅਖਾੜਾ ਲਾਉਣਾ ਬੰਦ ਕਰਨ। ਬਾਜਵਾ ਨੇ ਕਿਹਾ ਸੀ ਕਿ ਸਿੱਧੂ ਦੀ ਪ੍ਰਧਾਨਗੀ ‘ਚ ਕਾਂਗਰਸ 78 ਤੋਂ 18 ਸੀਟਾਂ ‘ਤੇ ਆ ਗਈ ਸੀ। ਸਿੱਧੂ ਨੇ ਪਲਟਵਾਰ ਕਰਦਿਆਂ ਕਿਹਾ ਸੀ ਕਿ 78 ਤੋਂ 18 ਸੀਟਾਂ ‘ਤੇ ਆਉਣ ਲਈ ਸਿਰਫ ਪ੍ਰਧਾਨ ਦੀ ਜ਼ਿੰਮੇਵਾਰੀ ਨਹੀਂ ਸੀ। ਇੱਥੋਂ ਤੱਕ ਕਿ ਕਈ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਨੂੰ ਪਾਰਟੀ ਤੋਂ ਬਰਖ਼ਾਸਤ ਤੱਕ ਕਰਨ ਦੀ ਮੰਗ ਵੀ ਹਾਈਕਮਾਨ ਨੂੰ ਕਰ ਦਿੱਤੀ ਸੀ। ਇਸ ਸਾਰੇ ਮੁੱਦੇ ਬਾਰੇ ਮੀਟਿੰਗ ਦੌਰਾਨ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਇੰਡੀਆ ਗਠਜੋੜ ਨੂੰ ਲੈ ਕੇ ਜੋ ਚਰਚਾ ਚੱਲ ਰਹੀ ਹੈ, ਉਸ ‘ਤੇ ਵੀ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਮੇਂ ਸਭ ਤੋਂ ਵੱਡਾ ਸਵਾਲ ਇਹੀ ਬਣਿਆ ਹੋਇਆ ਹੈ ਕਿ ਕੀ ਕਾਂਗਰਸ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰੇਗੀ ਜਾਂ ਨਹੀਂ ਕਿਉਂਕਿ ਪੰਜਾਬ ਦੇ ਬਹੁਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਹੱਕ ‘ਚ ਨਹੀਂ ਹਨ।

Add a Comment

Your email address will not be published. Required fields are marked *