ਨਵੇਂ ਸਾਲ ਦੇ ਪਹਿਲੇ ਹੀ ਦਿਨ ਮਣੀਪੁਰ ‘ਚ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ

ਮਣੀਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਵੇਂ ਸਾਲ ਦੇ ਪਹਿਲੇ ਹੀ ਦਿਨ ਸੂਬੇ ਦੇ ਥੌਬਲ ਇਲਾਕੇ ‘ਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਿੰਸਾ ‘ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ। ਇਸ ਕਾਰਨ ਸੂਬੇ ਦੇ 5 ਜ਼ਿਲ੍ਹਿਆਂ ‘ਚ ਇਕ ਵਾਰ ਫਿਰ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਲਿਲੋਂਗ ਚਿੰਗਜਾਓ ਇਲਾਕੇ ‘ਚ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ, ਜਿਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਿੰਸਾ ਕਾਰਨ ਲੋਕਾਂ ‘ਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਹੈ ਤੇ ਇਸ ਦੌਰਾਨ ਉਨ੍ਹਾਂ 3 ਵਾਹਨਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ। ਇਸ ਤੋਂ ਬਾਅਦ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਕਾਰਨ ਥੌਬਲ, ਇੰਫਾਲ ਪੂਰਬ, ਇੰਫਾਲ ਪੱਛਮ ਅਤੇ ਬਿਸ਼ਣੂਪੁਰ ਇਲਾਕੇ ‘ਚ ਇਕ ਵਾਰ ਫਿਰ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਇਕ ਵੀਡੀਓ ਮੈਸੇਜ ਜਾਰੀ ਕਰ ਕੇ ਹਿੰਸਾ ਦੀ ਨਿੰਦਾ ਕੀਤੀ ਅਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। 

Add a Comment

Your email address will not be published. Required fields are marked *