ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਧਾਈ ਚੌਕਸੀ

ਜਲੰਧਰ – ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਰੈਪਿਡ ਐਕਸ਼ਨ ਫੋਰਸ ਦੇ ਨਾਲ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਸਮਾਗਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ ਪੁਲਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ, ਜਿਸ ਲਈ ਪੁਲਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖਣ ਲਈ ਸੀਨੀਅਰ ਅਧਿਕਾਰੀਆਂ ਨੂੰ ਰਾਤ ਸਮੇਂ ਸ਼ਹਿਰ ਦੀ ਨਾਕਾਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਵਪਨ ਸ਼ਰਮਾ ਨੇ ਕਿਹਾ ਕਿ ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨ, ਉਨ੍ਹਾਂ ਦਾ ਮਨੋਬਲ ਵਧਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ ਦੀਆਂ 194 ਬਟਾਲੀਅਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਜਾਵੇਗਾ।  ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ ਸਾਂਝੇ ਤੌਰ ‘ਤੇ ਇਸ ਸਬੰਧੀ ਰਣਨੀਤੀ ਤਿਆਰ ਕਰਨਗੇ, ਜਿਸ ਲਈ ਅੱਜ ਮੁੱਢਲੀ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਾਂਡੈਂਟ ਸੋਨੇਲਾਲ ਸਾਹੂ, ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। 

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਅਜਿਹੀਆਂ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਨ੍ਹਾਂ ਇਲਾਕਿਆਂ ਵਿੱਚ ਚੌਕਸੀ ਵਧਾਈ ਜਾ ਸਕੇ। ਸਵਪਨ ਸ਼ਰਮਾ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨਰੇਟ ਪੁਲਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Add a Comment

Your email address will not be published. Required fields are marked *