19 ਸਾਲਾ ਮੁੰਡੇ ਦੇ ਕਤਲ ਮਾਮਲੇ ‘ਚ ਫ਼ਰਾਰ ਮੁਲਜ਼ਮ UP ਤੋਂ ਗ੍ਰਿਫ਼ਤਾਰ

ਜਲੰਧਰ –ਲੈਦਰ ਕੰਪਲੈਕਸ ਕੋਲ ਪਿਛਲੇ ਦਿਨੀਂ ਹੋਏ ਅੰਕੁਰ ਕਤਲ ਕਾਂਡ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਸ ਨੇ ਫ਼ਰਾਰ ਮੁਲਜ਼ਮਾਂ ਨੂੰ ਯੂ. ਪੀ. ਤੋਂ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਲੈਦਰ ਕੰਪਲੈਕਸ ਕੋਲ ਅੰਕੁਰ ਕਤਲ ਕਾਂਡ ਦੇ ਮਾਮਲੇ ਵਿਚ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਦੀ ਗੁੱਥੀ ਨੂੰ ਸੁਲਝਾਇਆ ਸੀ। ਪੁਲਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕਮਿਸ਼ਨਰੇਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਿਕ ਹੋਰ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਯੂ. ਪੀ. ਭੱਜ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਹੀ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮ ਦਾ ਗਠਨ ਕੀਤਾ ਅਤੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਫ਼ਰਾਰ ਮੁਲਜ਼ਮਾਂ ਨੂੰ ਪਿੰਡ ਇਦਨਾਪੁਰ ਥਾਣਾ ਫਖਰਪੁਰ, ਜ਼ਿਲ੍ਹਾ ਬਹਿਰਾਈਚ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਪੁੱਤਰ ਰਮੇਸ਼ ਕੁਮਾਰ ਵਾਸੀ ਨੰਬਰ 40 ਨਿਊ ਰਾਜਨ ਨਗਰ, ਬਸਤੀ ਪੀਰਦਾਦ, ਰਾਹੁਲ ਕੁਮਾਰ ਪੁੱਤਰ ਬਿਜਲੀ ਮਲਿਕ ਵਾਸੀ ਨਿਊ ਰਾਜਨ ਨਗਰ ਬਸਤੀ ਪੀਰਦਾਦ ਅਤੇ ਅਨਿਲ ਕੁਮਾਰ ਪੁੱਤਰ ਦੇਵ ਰਾਜ ਵਰਮਾ ਵਾਸੀ ਨੰਬਰ 54 ਸਰਜੀਕਲ ਕੰਪਲੈਕਸ ਵਜੋਂ ਹੋਈ। 

ਸੀ. ਪੀ. ਸ਼ਰਮਾ ਨੇ ਦੱਸਿਆ ਕਿ ਹੱਤਿਆ ’ਚ ਵਰਤਿਆ ਗਿਆ ਇਕ ਮੋਟਰਸਾਈਕਲ ਪੁਲਸ ਨੇ ਪਹਿਲਾਂ ਹੀ ਬਰਾਮਦ ਕਰ ਲਿਆ ਸੀ, ਜਦਕਿ ਦੂਜਾ ਮੋਟਰਸਾਈਕਲ ਵੀ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਬਰਾਮਦ ਕਰ ਲਿਆ ਹੈ। ਪੁਲਸ ਨੇ ਵਾਰਦਾਤ ਵਿਚ ਵਰਤੀ ਗਈ ਕੁਹਾੜੀ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕਰ ਲਏ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

Add a Comment

Your email address will not be published. Required fields are marked *