ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਿਹਤ ਬਾਰੇ ਦਿੱਤੀ ਅਪਡੇਟ

ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ ਹੋ ਗਈ ਸੀ। ਇਸ ਕਾਰਨ ਕਿਸਾਨਾਂ ਨੇ 2 ਦਿਨ ਤੱਕ ਦਿੱਲੀ ਕੂਚ ਰੋਕਣ ਦਾ ਫੈਸਲਾ ਕੀਤਾ ਸੀ। 

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵੀ ਅੱਥਰੂ ਗੈਸ ਦੇ ਗੋਲ਼ਿਆਂ ਕਾਰਨ ਸਿਹਤ ਵਿਗੜ ਗਈ ਸੀ ਤੇ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਦੇ ਨਾਲ-ਨਾਲ ਬੁਖਾਰ ਵੀ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਹਸਪਤਾਲ ‘ਚ ਦਾਖਲ ਹੋਇਆਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੈ। ਉਨ੍ਹਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਵੀ ਠੀਕ ਆਈਆਂ ਹਨ ਤੇ ਉਹ ਛੇਤੀ ਹੀ ਅੰਦੋਲਨ ‘ਚ ਵਾਪਸ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਭ ਇਸ ਤਰ੍ਹਾਂ ਦੇ ਅੰਦੋਲਨਾਂ ‘ਚ ਹੁੰਦਾ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਚਾਹੇ ਕੈਂਸਰ ਨਾਲ ਵੀ ਜੰਗ ਲੜ ਰਹੇ ਹਨ, ਪਰ ਫਿਰ ਵੀ ਉਹ ਆਪਣੀ ਸਿਹਤ ਦੀ ਪਰਵਾਹ ਕੀਤੇ ਬਗੈਰ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਪੁਲਸ ਵੱਲੋਂ ਕੀਤੇ ਗਏ ਹਮਲਿਆਂ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰ ਕਿਸਾਨਾਂ ਤੋਂ ਡਰੀ ਹੋਈ ਹੈ, ਇਸੇ ਕਾਰਨ ਉਨ੍ਹਾਂ ‘ਤੇ ਲਗਾਤਾਰ ਗੋਲ਼ੀਆਂ ਚਲਾਈਆਂ ਜਾ ਰਹੀਆਂ ਹਨ ਤੇ ਅੱਥਰੂ ਗੈਸ ਦੇ ਗੋਲ਼ੇ ਸੁੱਟੇ ਜਾ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਗੱਲਬਾਤ ਹੋਈ ਹੈ, ਜਿਸ ‘ਚ ਉਨ੍ਹਾਂ ਪ੍ਰਸ਼ਾਸਨ ਨੂੰ ਕਿਹਾ ਕਿ ਖਨੌਰੀ ਬਾਰਡਰ ‘ਤੇ ਮਾਰੇ ਗਏ ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਨੂੰ ਕਿ ਪੰਜਾਬ ਦੇ ਇਲਾਕੇ ‘ਚ ਆ ਕੇ ਗੋਲ਼ੀਬਾਰੀ ਕਰ ਕੇ ਮਾਰਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਖਨੌਰੀ ਬਾਰਡਰ ‘ਤੇ ਮਾਰੇ ਗਏ ਨੌਜਵਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ 40 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼ੁੱਭਕਰਨ ਦੀ ਭੈਣ ਨੂੰ ਪੰਜਾਬ ਪੁਲਸ ‘ਚ ਨੌਕਰੀ ਦਿੱਤੀ ਜਾਵੇਗੀ ਤੇ ਸ਼ੁੱਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਇਹ ਮੰਗ ਵੀ ਮੰਨੀ ਗਈ ਹੈ ਕਿ ਹਰਿਆਣਾ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਪੰਜਾਬ ਦੇ ਇਲਾਕੇ ‘ਚ ਦਾਖਲ ਹੋ ਕੇ ਕਿਸਾਨਾਂ ‘ਤੇ ਹਮਲਾ ਕੀਤਾ ਸੀ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਪੰਜਾਬ ਦੇ ਕਿਸਾਨ ਹਰਿਆਣਾ ਪੁਲਸ ਵੱਲੋਂ ਚੁੱਕੇ ਗਏ ਹਨ ਜਾਂ ਅਗਵਾ ਕੀਤੇ ਗਏ ਹਨ, ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇ ਤੇ ਅਗਵਾਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

Add a Comment

Your email address will not be published. Required fields are marked *