ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ

ਚੰਡੀਗੜ੍ਹ: ਦੇਸ਼ ਦੇ ਕਿਸਾਨ ਇਕ ਵਾਰ ਮੁੜ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਹਨ ਤੇ ਉਨ੍ਹਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਸਮੇਤ ਕੁੱਲ੍ਹ 13 ਮੰਗਾਂ ਰੱਖੀਆਂ ਗਈਆਂ ਹਨ ਜਿਨ੍ਹਾਂ ਵਿਚ ਇਕ ਲਖੀਮਪੁਰ ਖੀਰੀ ਦੇ ਪੀੜਤਾਂ ਲਈ ਮੁਆਵਜ਼ੇ ਤੇ ਇਨਸਾਫ਼ ਦੀ ਮੰਗ ਹੈ। ਢਾਈ ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹਿੰਸਾ ਹੋਈ ਸੀ ਜਿਸ ਵਿਚ ਕਿਸਾਨਾਂ ਤੇ ਭਾਜਪਾ ਸਮਰਥਕਾਂ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਹਿੰਸਾ ਦੇ ਦੋਸ਼ ਹਨ ਤੇ ਕਿਸਾਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਅਜੈ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਹਟਾਇਆ ਜਾਵੇ, ਪਰ ਇਸ ਵਿਚਾਲੇ ਹੁਣ ਭਾਜਪਾ ਨੇ ਵੱਡਾ ਫ਼ੈਸਲਾ ਲਿਆ ਹੈ। ਭਾਰਤੀ ਜਨਤਾ ਪਾਰਟੀ ਨੇ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਦਾ ਨਾਂ ਐਲਾਨਿਆ ਗਿਆ ਹੈ। ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਅੱਜ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਇਸ ਦੀ ਨਿਖੇਧੀ ਕਰਦਿਆਂ ਆਖਿਆ ਕਿ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਕਾਤਲਾਂ ਨੂੰ ਟਿਕਟਾਂ ਦੇਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਸ਼ ਦੇ 140 ਕਰੋੜ ਲੋਕ ਦੇਣਗੇ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਇਨਸਾਫ਼ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 2021 ਵਿਚ ਕਿਸਾਨ ਤਿੰਨ ਖੇਤੀ ਬਿੱਲਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਉਸ ਸਮੇਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ 3 ਅਕਤੂਬਰ 2021 ਨੂੰ ਦੁਪਹਿਰ 3 ਵਜੇ ਦੇ ਕਰੀਬ ਕਿਸਾਨਾਂ ਦਾ ਇਕ ਗਰੁੱਪ ਅੰਦੋਲਨ ਕਰ ਰਿਹਾ ਸੀ। ਇਸ ਦੌਰਾਨ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਨੂੰ ਗੱਡੀ ਨਾਲ ਦਰੜਨ ਦੇ ਦੋਸ਼ ਲੱਗੇ ਸਨ। ਇਸ ਹਿੰਸਾ ਵਿਚ 8 ਕਿਸਾਨ ਮਾਰੇ ਗਏ ਸਨ। ਜਿਸ ਦਿਨ ਇਹ ਘਟਨਾ ਵਾਪਰੀ, ਉਸੇ ਦਿਨ ਯੂ.ਪੀ. ਦੇ ਡਿਪਟੀ ਸੀ.ਐੱਮ. ਕੇਸ਼ਵ ਪ੍ਰਸਾਦ ਮੌਰਿਆ ਲਖੀਮਪੁਰ ਪਹੁੰਚਣ ਵਾਲੇ ਸਨ। ਪੁਲਸ ਨੇ 5 ਅਕਤੂਬਰ ਨੂੰ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਕਤਲ, ਦੁਰਘਟਨਾ ਅਤੇ ਦੰਗਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਹਿੰਸਾ ਕਾਰਨ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਯੂ.ਪੀ. ਸਰਕਾਰ ਨੇ ਮ੍ਰਿਤਕਾਂ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।

Add a Comment

Your email address will not be published. Required fields are marked *