ਕੈਨੇਡਾ ’ਚ ਕਿਸਾਨਾਂ ਦੇ ਹੱਕ ’ਚ ਜ਼ੋਰਦਾਰ ਨਾਅਰੇਬਾਜ਼ੀ

ਪਟਿਆਲਾ – ਕਿਸਾਨੀ ਮਸਲਿਆਂ ਦੇ ਹੱਲ ਨੂੰ ਲੈ ਕੇ ਪੂਰੇ ਦੇਸ਼ ਅੰਦਰ ਲੋਕਾਂ ਵਲੋਂ ਆਵਾਜ਼ ਚੁੱਕੀ ਜਾ ਰਹੀ ਹੈ। ਉਥੇ ਵਿਦੇਸ਼ਾਂ ਅੰਦਰ ਵੀ ਕਿਸਾਨਾਂ ਦੇ ਹੱਕ ’ਚ ਲੋਕ ਨਿਤਰਦੇ ਨਜ਼ਰ ਆ ਰਹੇ ਹਨ। ਮੰਗਲਵਾਰ ਨੂੰ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ’ਚ ਸਥਾਨਕ ਲੋਕਾਂ ਤੇ ਵਿਦਿਆਰਥੀਆਂ ਵਲੋਂ ਕਿਸਾਨਾਂ ਦੇ ਹੱਕ ’ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਲੋਕਾਂ ਨੇ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਕਿਸਾਨਾਂ ਉੱਪਰ ਕੀਤੇ ਜਾ ਰਹੇ ਜ਼ੁਲਮ ਦੀ ਜਮ ਕੇ ਨਿੰਦਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ, ਅੰਨਦਾਤਾ ’ਤੇ ਤਸ਼ੱਦਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਜ਼ੁਲਮ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਤੇ ਵਿਦੇਸ਼ਾਂ ’ਚ ਬੈਠੇ ਲੋਕ ਵੀ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਦੀਆਂ ਮੰਗਾਂ ਮੰਨਣ ਤੱਕ ਉਹ ਸੰਘਰਸ਼ ਕਰਦੇ ਰਹਿਣਗੇ।

ਦੱਸ ਦੇਈਏ ਕਿ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਤੇ ਮਜ਼ਦੂਰ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਦੀਆਂ ਮੀਟਿੰਗਾਂ ’ਚ ਐਲਾਨ ਕੀਤਾ ਗਿਆ ਕਿ ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ ਹਨ, ਜਿਸ ’ਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਨਹੀਂ ਜਾਣਗੇ ਪਰ ਰਾਜਸਥਾਨ, ਮੱਧ ਪ੍ਰਦੇਸ਼, ਯੂ. ਪੀ., ਗੁਜਰਾਤ, ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ, ਕੇਰਲਾ ਤੇ ਹੋਰ ਸਟੇਟਾਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਜੰਤਰ-ਮੰਤਰ ਵਿਖੇ ਜਾ ਕੇ ਰੋਸ ਰੈਲੀ ਕਰਨਗੇ। ਦੂਜੇ ਪਾਸੇ ਕਿਸਾਨਾਂ ਦੀ ਇਸ ਤਿਆਰੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ 500 ਦੇ ਕਰੀਬ ਕਿਸਾਨ ਨੇਤਾਵਾਂ ਦੇ ਦੇਸ਼ ਅੰਦਰ ਐਕਸ ਤੇ ਹੋਰ ਸ਼ੋਸ਼ਲ ਮੀਡੀਆ ਅਕਾਊਂਟਸ ਬੰਦ ਕਰਵਾ ਦਿੱਤੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ਅੰਦਰ ਭਾਰੀ ਰੋਸ ਹੈ।

Add a Comment

Your email address will not be published. Required fields are marked *