ਭਰੋਸੇ ਦਾ ਵੋਟ: ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਰੱਦ

ਚੰਡੀਗੜ੍ਹ, 21 ਸਤੰਬਰ-: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਭਲਕੇ ਬੁਲਾਇਆ ਗਿਆ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਰਾਜਪਾਲ ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਰੋਸੇ ਦਾ ਵੋਟ ਹਾਸਲ ਕਰਨ ਲਈ ਵਿਧਾਨ ਸਭਾ ਸੱਦਣ ਦੇ ਨਿਯਮਾਂ ਦੀ ਅਣਹੋਂਦ ਕਾਰਨ ਤੀਜਾ ਵਿਸ਼ੇਸ਼ ਸੈਸ਼ਨ ਜੋ ਕਿ 22 ਸਤੰਬਰ ਨੂੰ ਬੁਲਾਇਆ ਜਾਣਾ ਸੀ, ਉਸ ਸਬੰਧੀ ਜਾਰੀ ਕੀਤੇ ਗਏ ਹੁਕਮ ਵਾਪਸ ਲਏ ਜਾਂਦੇ ਹਨ। ਰਾਜਪਾਲ ਦੇ ਹੁਕਮਾਂ ਦੇ ਨਾਲ ਪ੍ਰਮੁੱਖ ਸਕੱਤਰ (ਰਾਜਪਾਲ) ਜੇ. ਐਮ. ਬਾਲਾਮੁਰੁਗਨ ਦੀ ਇੱਕ ਸਫ਼ੇ ਦੀ ਚਿੱਠੀ ਵੀ ਲੱਗੀ ਹੈ। ਇਸ ਚਿੱਠੀ ਰਾਹੀਂ ਕਿਹਾ ਗਿਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ 21 ਸਤੰਬਰ ਨੂੰ ਦਿੱਤੀਆਂ ਵੱਖੋ-ਵੱਖਰੀਆਂ ਚਿੱਠੀਆਂ ਰਾਹੀਂ ਕਿਹਾ ਗਿਆ ਹੈ ਕਿ ਵਿਧਾਨ ਸਭਾ ਦੀ ਨਿਯਮਾਂਵਲੀ ਵਿੱਚ ਭਰੋਸੇ ਦਾ ਵੋਟ ਹਾਸਲ ਕਰਨ ਲਈ ਸੈਸ਼ਨ ਬੁਲਾਏ ਜਾਣ ਦੀ ਕੋਈ ਵਿਵਸਥਾ ਨਹੀਂ ਹੈ। ਇਸ ਲਈ ਸੈਸ਼ਨ ਬੁਲਾਏ ਜਾਣ ਦਾ ਹੁਕਮ ਵਾਪਸ ਲਿਆ ਜਾਣਾ ਚਾਹੀਦਾ ਹੈ। ਬਾਲਾਮੁਰੁਗਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਦਿੱਤੀਆਂ ਗਈਆਂ ਚਿੱਠੀਆਂ ਦੇ ਅਧਾਰ ’ਤੇ ਵਧੀਕ ਸੌਲਿਸਿਟਰ ਜਨਰਲ ਸੱਤਪਾਲ ਜੈਨ ਤੋਂ ਕਾਨੂੰਨੀ ਸਲਾਹ ਲਈ ਗਈ ਸੀ। ਐਡਵੋਕੇਟ ਜੈਨ ਨੇ ਵੀ ਕਾਨੂੰਨੀ ਤੌਰ ’ਤੇ ਇਹ ਪ੍ਰਗਟਾਵਾ ਕੀਤਾ ਕਿ ਸਿਰਫ਼ ਭਰੋਸੇ ਦਾ ਵੋਟ ਲੈਣ ਲਈ ਸੈਸ਼ਨ ਨਹੀਂ ਬੁਲਾਇਆ ਜਾ ਸਕਦਾ। ਇਸ ਕਾਨੂੰਨੀ ਸਲਾਹ ਦੇ ਅਧਾਰ ’ਤੇ ਰਾਜਪਾਲ ਵੱਲੋਂ 20 ਸਤੰਬਰ ਨੂੰ ਸੈਸ਼ਨ ਬੁਲਾਏ ਜਾਣ ਸਬੰਧੀ ਜੋ ਹੁਕਮ ਜਾਰੀ ਕੀਤੇ ਗਏ ਸਨ, ਉਹ ਵਾਪਸ ਲੈ ਲਏ ਗਏ ਹਨ। ਸੰਸਦੀ ਪ੍ਰਕਿਰਿਆ ਮੁਤਾਬਕ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੇ ਫ਼ੈਸਲੇ ਸਬੰਧੀ ਹੁਕਮ ਰਾਜਪਾਲ ਵੱਲੋਂ ਜਾਰੀ ਕੀਤੇ ਜਾਂਦੇ ਹਨ। ਇਸ ਤਰ੍ਹਾਂ ਆਮ ਆਦਮੀ ਦੀ ਸਰਕਾਰ ਲਈ ਇਹ ਬਹੁਤ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ। ਰਾਜਪਾਲ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਸਰਕਾਰ ਦੀ ਹਾਲਤ ਬੇਹੱਦ ਪਤਲੀ ਹੋ ਗਈ ਹੈ। ਵਿਧਾਨ ਸਭਾ ਦਾ ਸੈਸ਼ਨ ਬੁਲਾਏ ਜਾਣ ਨੂੰ ਪੰਜਾਬ ਮੰਤਰੀ ਮੰਡਲ ਵੱਲੋਂ ਇੱਕ ਦਿਨ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਰਾਜਪਾਲ ਨੇ ਰਸਮੀ ਹੁਕਮ ਜਾਰੀ ਕਰ ਦਿੱਤੇ ਸਨ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਸੈਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਇਹ ਸੈਸ਼ਨ ਗੈਰ-ਵਿਧਾਨਕ ਹੈ। ਕਾਂਗਰਸ ਅਤੇ ਹੋਰਨਾਂ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਭਰੋਸੇ ਦਾ ਵੋਟ ਹਾਸਲ ਕਰਨ ਦਾ ‘ਡਰਾਮਾ’ ਕਰਨ ਦੀ ਥਾਂ ਸੂਬੇ ਦੇ ਭਖ਼ਦੇ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ।

‘ਆਪ’ ਨੇ ਭਾਜਪਾ ’ਤੇ ‘ਅਪਰੇਸ਼ਨ ਲੋਟਸ’ ਦਾ ਲਾਇਆ ਸੀ ਇਲਜ਼ਾਮ

‘ਆਪ’ ਦੇ ਸੀਨੀਅਰ ਆਗੂਆਂ ਵੱਲੋਂ ਕੁਝ ਦਿਨ ਪਹਿਲਾਂ ਦੋਸ਼ ਲਾਇਆ ਗਿਆ ਸੀ ਕਿ ‘ਅਪਰੇਸ਼ਨ ਲੋਟਸ’ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਤੋੜਨ ਲਈ ਕਰੋੜਾਂ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ ਸਮੇਤ ਦਿੱਲੀ ਦੇ ‘ਆਪ’ ਆਗੂਆਂ ਵੱਲੋਂ ਇਹ ਦਾਅਵੇ ਕੀਤੇ ਗਏ ਸਨ। ਆਪ ਆਗੂਆਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਸ਼ਿਕਾਇਤ ਦੇ ਕੇ ਵਿਧਾਇਕ ਖ਼ਰੀਦਣ ਵਾਲੇ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਸੀ ਤੇ ਪੁਲੀਸ ਨੇ ਇਸ ਸ਼ਿਕਾਇਤ ਦੇ ਅਧਾਰ ’ਤੇ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਮੁੱਦੇ ’ਤੇ ਸੂਬੇ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ‘ਆਪ’ ਵੱਲੋਂ ਭਾਰਤੀ ਜਨਤਾ ਪਾਰਟੀ ’ਤੇ ਸਰਕਾਰ ਤੋੜਨ ਦੇ ਦੋਸ਼ ਲਾਉਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਭਰੋਸੇ ਦਾ ਵੋਟ ਜਿੱਤਿਆ ਗਿਆ ਸੀ। ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ ਜਾ ਰਿਹਾ ਹੈ। ਭਾਜਪਾ ਨੇ ਤਾਂ ਸੂਬੇ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਸੀ ਤੇ ਅਕਾਲੀ ਦਲ ਨੇ ‘ਆਪ’ ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਤੇ ਈਡੀ ਹਵਾਲੇ ਕਰਨ ਦੀ ਮੰਗ ਕੀਤੀ ਸੀ।

ਰਾਜਪਾਲ ਦਾ ਫ਼ੈਸਲਾ ਲੋਕਤੰਤਰ ’ਤੇ ਸਵਾਲੀਆ ਨਿਸ਼ਾਨ: ਮਾਨ

ਚੰਡੀਗੜ੍ਹ:ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਇਨਕਾਰ ਕੀਤੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਲੋਕਤੰਤਰ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਮਾਨ ਨੇ ਟਵੀਟ ਕਰਦਿਆਂ ਸਵਾਲ ਕੀਤਾ ਕਿ ਕੀ ਹੁਣ ਲੋਕਤੰਤਰ ਨੂੰ ਲੋਕਾਂ ਵੱਲੋਂ ਚੁਣੇ ਪ੍ਰਤੀਨਿਧ ਚਲਾਉਣਗੇ ਜਾਂ ਦਿੱਲੀ ਸਰਕਾਰ ਵੱਲੋਂ ਨਿਯੁਕਤ ਕੀਤਾ ਵਿਅਕਤੀ।

ਲੋਕਤੰਤਰ ਦੀ ਹੱਤਿਆ ਹੋਈ: ਕੇਜਰੀਵਾਲ

ਨਵੀਂ ਦਿੱਲੀ:‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦੇਸ਼ ਵਿੱਚ ਇਕ ਪਾਸੇ ਸੰਵਿਧਾਨ ਹੈ ਤੇ ਦੂਜੇ ਪਾਸੇ ‘ਅਪਰੇਸ਼ਨ ਲੋਟਸ’ ਚਲਾਇਆ ਜਾ ਰਿਹਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸੂਬੇ ਦਾ ਰਾਜਪਾਲ ਕੈਬਨਿਟ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਜ ਨੂੰ ਕਿਵੇਂ ਮਨਾ ਕਰ ਸਕਦਾ ਹੈ, ਇਹ ਲੋਕਤੰਤਰ ਦੀ ਹੱਤਿਆ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਕਾਨੂੰਨੀ ਸਲਾਹ ਮਸ਼ਵਰਾ ਕਰ ਰਹੇ ਹਨ, ਜਿਸ ਤੋਂ ਬਾਅਦ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਥੇ ਸੈਕਟਰ 39 ਵਿਚਲੇ ਪਾਰਟੀ ਦਫ਼ਤਰ ਵਿੱਚ ਹਰਭਜਨ ਸਿੰਘ ਈਟੀਓ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਦਾ ‘ਅਪਰੇਸ਼ਨ ਲੋਟਸ’ ਅੱਜ ਪੂਰੇ ਦੇਸ਼ ਵਿੱਚ ਚੱਲ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਅਪਰੇਸ਼ਨ ਖ਼ਿਲਾਫ਼ ਭਲਕੇ ਇਕ ਦਿਨਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਜਿਸ ਵਿੱਚ ਲੋਕਾਂ ਦਾ ਭਰੋਸਾ ਜਿੱਤਣ ਲਈ ਭਰੋਸਗੀ ਮਤਾ ਲਿਆਂਦਾ ਜਾਣਾ ਸੀ। ਉਨ੍ਹਾਂ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਂਗਰਸੀ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਚਿੱਠੀ ਉੱਪਰ ਕਾਰਵਾਈ ਕਰਦਿਆਂ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਕਾਂਗਰਸ ਅਤੇ ਭਾਜਪਾ ਮਿਲ ਕੇ ਖੇਡਾਂ ਖੇਡਣ ਲੱਗੇ ਹੋਏ ਹਨ।

Add a Comment

Your email address will not be published. Required fields are marked *