ਸੰਗਰੂਰ ’ਚ ਨਕਲੀ ਸ਼ਰਾਬ ਦਾ ਕਹਿਰ ਜਾਰੀ, ਹੁਣ ਤਕ 14 ਲੋਕਾਂ ਦੀ ਮੌਤ

ਚੰਡੀਗੜ੍ਹ – ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਨਕਲੀ ਸ਼ਰਾਬ ਪੀਣ ਨਾਲ ਬੀਮਾਰ ਹੋਏ 6 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਸ ਘਟਨਾ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ। ਪੁਲਸ ਨੇ ਇਸ ਮਾਮਲੇ ’ਚ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕੀਤ ਜਾ ਚੁੱਕਿਆ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁਲਸ ਨੇ ਈਥਾਨੌਲ ਅਤੇ ਕੱਚਾ ਮਾਲ ਬਰਾਮਦ ਕੀਤਾ ਸੀ, ਜਿਸ ਦੀ ਵਰਤੋਂ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਪੁਲਸ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਸੀਂ ਇਸ ਮਾਮਲੇ ’ਚ ਦੋ ਨਵੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਥਾਨਕ ਰਵਿਦਾਸਪੁਰਾ ਟਿੱਬੀ ’ਚ 6 ਮੌਤਾਂ ਹੋਣ ਕਾਰਨ ਹੜਕੰਪ ਮਚ ਗਿਆ ਹੈ। ਇਸ ’ਚ ਇਕ ਵਿਅਕਤੀ ਗੁਰਮੀਤ ਸਿੰਘ ਦੀ ਇਕ ਦਿਨ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਡੀ.ਐੱਸ.ਪੀ. ਸੁਨਾਮ ਮਨਦੀਪ ਸਿੰਘ ਸੰਧੂ ਸਮੇਤ ਥਾਣਾ ਮੁਖੀ ਤੇ ਹੋਰ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਹਰਜਸ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਨੇ ਦੱਸਿਆ ਕਿ ਇਹ ਮੌਤਾਂ ਸ਼ਰਾਬ ਪੀਣ ਕਾਰਨ ਹੋਈਆਂ ਹਨ ਪਰ ਡਰ ਦੇ ਕਾਰਨ ਕੋਈ ਨਹੀਂ ਦੱਸ ਰਿਹਾ। ਐੱਸ.ਡੀ.ਐੱਮ. ਸੁਨਾਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਜੋ ਸ਼ਰਾਬ ਪੀ ਕੇ ਬੀਮਾਰ ਹੋਣ ਵਾਲੇ ਲੋਕਾਂ ਦਾ ਤੁਰੰਤ ਇਲਾਜ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਹਸਪਤਾਲ ’ਚ ਦਾਖਲ ਵਿਅਕਤੀ ਨੇ ਦੱਸਿਆ ਕਿ ਉਸ ਨੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਹੁਣ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਡਾ. ਮਨੀਸ਼ ਗੁਪਤਾ ਨੇ ਦੱਸਿਆ ਕਿ 8 ਹੋਰ ਪੀੜਤਾਂ ਨੂੰ ਹੋਰ ਹਸਪਤਾਲਾਂ ਲਈ ਰੈਫਰ ਕੀਤਾ ਗਿਆ ਹੈ।

Add a Comment

Your email address will not be published. Required fields are marked *