CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਆਪ’ ਕਰੇਗੀ ਪੀ. ਐੱਮ. ਦੀ ਰਿਹਾਇਸ਼ ਦਾ ਘਿਰਾਓ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ‘ਆਪ’ ਪਾਰਟੀ ਅੱਜ ਯਾਨੀ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰ  ਦਰਸ਼ਨ ਕਰੇਗੀ।

ਮਿਲੀ ਜਾਣਕਾਰੀ ਮੁਤਾਬਕ ਇਹ ਘਿਰਾਓ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹੋਣਗੇ। ਉੱਥੇ ਹੀ ਇਸ ਦਾ ਜਵਾਬ ‘ਚ ਭਾਜਪਾ, ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰੇਗੀ। ਦਰਅਸਲ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਮਦੀ ਪਾਰਟੀ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਭਾਜਪਾ ਲਗਾਤਾਰ ਮੰਗ ਕਰ ਰਹੀ ਹੈ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। 

ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਦੇ ਇਕ ਦਿਨ ਬਾਅਦ ਯਾਨੀ ਸ਼ੁੱਕਰਵਾਰ ਨੂੰ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ। ਇਸ ਬਾਰੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਹੈ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਣਗੇ ਅਤੇ ਅਸਤੀਫ਼ਾ ਨਹੀਂ ਦੇਣਗੇ।

ਈਡੀ ਨੇ ਦੋਸ਼ ਲਾਇਆ ਹੈ ਕਿ ਸ਼ਰਾਬ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਬੇਨਿਯਮੀਆਂ ਹੋਈਆਂ ਹਨ। ਇਸ ਦਾ ਮੁੱਖ ਸਾਜ਼ਿਸ਼ਕਰਤਾ ਕੇਜਰੀਵਾਲ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਸ਼ਰਾਬ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ‘ਚ ਹਨ।

Add a Comment

Your email address will not be published. Required fields are marked *