36ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਬ੍ਰਿਸਬੇਨ – ਪਿਛਲੇ 3 ਦਿਨਾਂ ਤੋਂ ਦੱਖਣੀ ਆਸਟ੍ਰੇਲੀਆ ਸੂਬੇ ਦੇ ਖੂਬਸੂਰਤ ਸ਼ਹਿਰ ਐਡੀਲੇਡ ਵਿਖੇ ਚੱਲ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਬਹੁਤ ਸ਼ਾਨਦਾਰ ਢੰਗ ਨਾਲ ਬੀਤੇ ਦਿਨ ਸਮਾਪਤ ਹੋ ਗਈਆਂ। ਇਨ੍ਹਾਂ 36ਵੀਆਂ ਸਾਲਾਨਾ ਸਿੱਖ ਖੇਡਾਂ ਵਿਚ ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਗਾਪੁਰ, ਮਲੇਸ਼ੀਆ ਤੇ ਭਾਰਤ ਆਦਿ ਦੇਸ਼ਾਂ ਤੋਂ ਤਕਰੀਬਨ 6,000 ਖਿਡਾਰੀਆਂ ਨੇ ਕਬੱਡੀ, ਫੁੱਟਬਾਲ, ਵਾਲੀਬਾਲ, ਕ੍ਰਿਕਟ, ਗੋਲਫ, ਬੈਡਮਿੰਟਨ, ਰੱਸਾ-ਕੱਸੀ, ਨੈੱਟਬਾਲ, ਪਾਵਰਲਿਫਟਿੰਗ, ਬਾਸਕਟਬਾਲ, ਦੌੜਾਂ ਤੇ ਹਾਕੀ ਆਦਿ ਖੇਡਾਂ ’ਚ ਹਿੱਸਾ ਲਿਆ।

ਕਬੱਡੀ ਦਾ ਫਾਈਨਲ ਮੈਚ ਮੀਰੀ-ਪੀਰੀ ਕਲੱਬ ਮੈਲਬੌਰਨ ਅਤੇ ਮੈਲਬੌਰਨ ਕਬੱਡੀ ਅਕੈਡਮੀ ਵਿਚਕਾਰ ਹੋਇਆ। ਇਸ ਫਸਵੇਂ ਮੁਕਾਬਲੇ ਵਿਚ ਮੀਰੀ-ਪੀਰੀ ਕਬੱਡੀ ਕਲੱਬ ਦੀ ਟੀਮ ਨੇ ਬਾਜ਼ੀ ਮਾਰੀ। ਇਸ ਮੌਕੇ ਗੀਤ-ਸੰਗੀਤ, ਗਿੱਧਾ-ਭੰਗੜਾ ਅਤੇ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਖੇਡ ਮੇਲੇ ਵਿਚ ਦਸਤਾਰ ਸਜਾਉਣ ਦੇ ਮੁਕਾਬਲੇ ਅਤੇ ਬੱਚਿਆਂ ਦੀਆਂ ਖੇਡਾਂ ਤੇ ਬਹੁ-ਸੱਭਿਅਕ ਸੰਗੀਤ ਵੰਨਗੀਆਂ ਵੀ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਰਹੀਆਂ। ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਪੰਜਾਬੀਆਂ ਦੇ ਇਸ ਮੇਲੇ ਵਿੱਚ 3 ਦਿਨ ਤੋਂ ਹੀ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਕੌਮੀ ਖੇਡ ਕਮੇਟੀ ਤੇ ਸਥਾਨਕ ਖੇਡ ਕਮੇਟੀ ਦੇ ਪ੍ਰਬੰਧਕਾਂ ਨੇ ਖਿਡਾਰੀਆ ਤੇ ਦਰਸ਼ਕਾਂ ਨੂੰ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Add a Comment

Your email address will not be published. Required fields are marked *