ਜਲੰਧਰ ਲੋਕ ਸਭਾ ਚੋਣਾਂ ਲਈ 10 ਨਾਮਜ਼ਦਗੀਆਂ ਹੋਈਆਂ ਦਾਖਲ

ਜਲੰਧਰ – ਜਲੰਧਰ ਵਿਚ  ਡਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਹੁਣ ਤਕ 10 ਉਮੀਦਵਾਰਾਂ ਨੇ ਆਪਣੇ-ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਸ਼ਿਵ ਸੈਨਾ ਵੱਲੋਂ ਪਰਮਜੀਤ ਕੌਰ ਤੇਜੀ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਵੱਲੋਂ ਰਾਜ ਕੁਮਾਰ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ) ਵੱਲੋਂ ਪੁਰਸ਼ੋਤਮ ਲਾਲ ਅਤੇ ਡੈਮੋਕ੍ਰੇਟਿਕ ਭਾਰਤੀ ਸਮਾਜ ਵੱਲੋਂ ਗੁਲਸ਼ਨ ਕੁਮਾਰ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ, ਜਦੋਂ ਕਿ ਅਸ਼ੋਕ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ। ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ, ਭਾਰਤੀ ਜਨਤਾ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਅਤੇ ਸੁਨੀਤਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇ. ਪੀ. ਨੇ ਨਾਮਜ਼ਦਗੀ ਕਾਗਜ਼ ਜਮ੍ਹਾ ਕਰਵਾਏ ਸਨ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਲਕੇ (14 ਮਈ) ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤਕ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 15 ਮਈ ਨੂੰ ਹੋਵੇਗੀ, ਜਦੋਂ ਕਿ 17 ਮਈ ਨੂੰ ਬਾਅਦ ਦੁਪਹਿਰ 3 ਵਜੇ ਤਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ 17 ਮਈ ਨੂੰ ਹੀ ਬਾਅਦ ਦੁਪਹਿਰ 3.30 ਵਜੇ ਕੋਰਟ ਰੂਮ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਅੱਜ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਨਾਮਜ਼ਦਗੀ ਕਾਗਜ਼ ਦਾਖਲ ਕਰਨ ਸਬੰਧੀ ਗਹਿਮਾ-ਗਹਿਮੀ ਵਾਲਾ ਮਾਹੌਲ ਬਣਿਆ ਰਿਹਾ ਅਤੇ ਕੁਝ ਉਮੀਦਵਾਰ ਤਾਂ ਆਪਣੇ ਸਮਰਥਕਾਂ ਦੇ ਵੱਡੇ ਕਾਫਿਲੇ ਅਤੇ ਢੋਲ-ਢਮੱਕੇ ਨਾਲ ਕਾਗਜ਼ ਦਾਖਲ ਕਰਵਾਉਣ ਪੁੱਜੇ, ਜਿਸ ਕਾਰਨ ਕੰਪਲੈਕਸ ਨੇੜਲੀਆਂ ਸੜਕਾਂ ’ਤੇ ਭਾਰੀ ਟ੍ਰੈਫਿਕ ਜਾਮ ਲੱਗਾ ਰਿਹਾ ਅਤੇ ਲੋਕਾਂ ਨੂੰ ਉਥੋਂ ਨਿਕਲਣ ਲਈ ਘੰਟਿਆਂਬੱਧੀ ਲਾਈਨਾਂ ਵਿਚ ਖੜ੍ਹੇ ਹੋ ਕੇ ਉਡੀਕ ਕਰਨੀ ਪਈ।

Add a Comment

Your email address will not be published. Required fields are marked *