ਮੁਲਾਜ਼ਮਾਂ ਨੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਰੂਪਨਗਰ, 24 ਸਤੰਬਰ-ਇੱਥੇ ਡੀਸੀ ਦਫ਼ਤਰ ਦੇ ਸਾਹਮਣੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਅਲੱਗ-ਅਲੱਗ ਵਿਭਾਗਾਂ ਦੇ ਐਨਪੀਐਸ ਪੀੜਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਗੁਰਿੰਦਰਪਾਲ ਸਿੰਘ ਖੇੜੀ ਅਤੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਦੇ ਉਮੀਦਵਾਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਜਾਇਜ਼ ਦੱਸਦਿਆਂ ਸਰਕਾਰ ਬਣਨ ਉਪਰੰਤ ਇਸ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਦੇ ਛੇ ਮਹੀਨੇ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੇ ਪੱਲੇ ਲਾਰਿਆਂ ਤੋਂ ਸਿਵਾ ਕੁੱਝ ਨਹੀਂ ਪਿਆ। ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਵਿੱਚ ਚੋਣਾਂ ਸਬੰਧੀ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਸਬੰਧੀ ਉੱਠ ਰਹੇ ਸਵਾਲਾਂ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਮੁਲਾਜ਼ਮਾਂ ਦੀ ਇਸ ਮੰਗ ਦੇ ਹੱਕ ਵਿੱਚ ਹਾਮੀ ਤਾਂ ਭਰ ਦਿੱਤੀ ਹੈ, ਪਰ ਹੁਣ ਮੁਲਾਜ਼ਮਾਂ ਨੇ ਤਾਂ ਹੀ ਯਕੀਨ ਹੋਵੇਗਾ, ਜਦੋਂ ਉਹ ਇਸ ਸਬੰਧੀ ਕੈਬਨਿਟ ਦੀ ਮੀਟਿੰਗ ਦੌਰਾਨ ਮਤਾ ਪਾਸ ਕਰ ਕੇ ਆਰਡੀਨੈਂਸ ਜਾਰੀ ਕਰਨਗੇ।

ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਹੀ ਪੁਰਾਣੀ ਪੈਨਸ਼ਨ ਨੂੰ ਬਹਾਲ ਨਾ ਕੀਤਾ ਗਿਆ ਤਾਂ 30 ਅਕਤੂਬਰ ਨੂੰ ਧੂਰੀ ਵਿਚ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕਰ, ਬਲਵਿੰਦਰ ਸਿੰਘ ਰੈਲੋ, ਬਲਵਿੰਦਰ ਸਿੰਘ ਲੋਧੀਪੁਰ, ਜਰਨੈਲ ਸਿੰਘ ਹਰੀਵਾਲ, ਸਰਬਜੀਤ ਸਿੰਘ, ਅਜੇ ਕੁਮਾਰ, ਕੁਲਵਿੰਦਰ ਸਿੰਘ, ਮਨੀਸ਼ ਕੁਮਾਰ, ਕੁਲਵੰਤ ਸਿੰਘ, ਵਿਸ਼ਾਲ ਮਹਿਤਾ ਆਦਿ ਹਾਜ਼ਰ ਸਨ।

Add a Comment

Your email address will not be published. Required fields are marked *