PM ਮੋਦੀ ਦੇ 30 ਮਈ ਨੂੰ ਮੁੜ ਪੰਜਾਬ ਆਉਣ ਦੇ ਆਸਾਰ

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਕ ਵਾਰ ਫਿਰ ਪੰਜਾਬ ’ਚ ਚੋਣ ਪ੍ਰਚਾਰ ਲਈ ਆਉਣ ਦੇ ਆਸਾਰ ਹਨ। ਭਾਜਪਾ ਸੂਤਰਾਂ ਅਨੁਸਾਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ 30 ਮਈ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਪੰਜਾਬ ਦਾ ਇਕ ਹੋਰ ਚੋਣ ਦੌਰਾ ਕਰਨ।

ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਲਈ 1 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ। ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਇਕ ਹੋਰ ਦੌਰਾ ਵੋਟਰਾਂ ਦੇ ਮਨਾਂ ਨੂੰ ਭਾਜਪਾ ਦੇ ਪੱਖ ’ਚ ਇਕਜੁੱਟ ਕਰਨ ’ਚ ਸਹਾਇਕ ਸਿੱਧ ਹੋ ਸਕਦਾ ਹੈ।

ਭਾਜਪਾ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੁਸ਼ਿਆਰਪੁਰ ’ਚ ਰੈਲੀ ਕਰਵਾਏ ਜਾਣ ਦੇ ਆਸਾਰ ਹਨ। ਇਸ ਨੂੰ ਦੇਖਦੇ ਹੋਏ ਭਾਜਪਾ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ 23 ਤੇ 24 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ’ਤੇ ਆਏ ਸੀ। 23 ਨੂੰ ਮੋਦੀ ਨੇ ਪਟਿਆਲਾ ਅਤੇ 24 ਨੂੰ ਉਨ੍ਹਾਂ ਨੇ ਗੁਰਦਾਸਪੁਰ ਅਤੇ ਜਲੰਧਰ ’ਚ ਭਾਜਪਾ ਉਮੀਦਵਾਰਾਂ ਦੇ ਪੱਖ ’ਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ।

ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਮਈ ਨੂੰ ਲੁਧਿਆਣਾ ’ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪੱਖ ’ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਸਮੁੱਚੀਆਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਉਨ੍ਹਾਂ ਨੇ ਲੁਧਿਆਣਾ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਸੰਗਠਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਅਮਿਤ ਸ਼ਾਹ ਦੇ ਦੌਰੇ ਵਾਲੇ ਸਥਾਨ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾ ਰਿਹਾ ਹੈ।

Add a Comment

Your email address will not be published. Required fields are marked *