ਬਠਿੰਡਾ ‘ਚ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਮਿਲੀ ਲੀਡ
ਬਠਿੰਡਾ : ਬਠਿੰਡਾ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਇਸ ਸੀਟ ‘ਤੇ ਪਹਿਲੇ ਰਾਊਂਡ ਦੌਰਾਨ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ, ਜਦੋਂ ਕਿ ਆਪ ਦੇ ਗੁਰਮੀਤ ਸਿੰਘ ਖੁੱਡੀਆਂ ਦੂਜੇ ਨੰਬਰ ‘ਤੇ ਹਨ। ਲੋਕ ਸਭਾ ਚੋਣਾਂ ਦੌਰਾਨ ਬੇਹੱਦ ਰੋਮਾਂਚਕ ਮੁਕਾਬਲਾ ਹੋਣ ਜਾ ਰਿਹਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ ਬਠਿੰਡਾ ਹੌਟ ਸੀਟ ਦੀ ਸੂਚੀ ‘ਚ ਸ਼ੁਮਾਰ ਹੈ। ਇਸ ਦਾ ਕਾਰਨ ਹੈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇੱਥੋਂ ਉਮੀਦਵਾਰ ਹਨ। ਸੂਬੇ ਦੀ ਸਿਆਸਤ ‘ਚ ਵੱਡਾ ਰਸੂਖ਼ ਰੱਖਣ ਵਾਲੇ ਬਾਦਲ ਪਰਿਵਾਰ ਦੇ ਸਾਰੇ ਜੀਅ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਗਏ ਸਨ। ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਲੋਕ ਸਭਾ ਚੋਣ ਨਾ ਲੜਣ ਦਾ ਫ਼ੈਸਲਾ ਲਿਆ ਗਿਆ ਸੀ। ਇਸ ਲਈ ਹਰਸਿਮਰਤ ਕੌਰ ਬਾਦਲ ਦੇ ਮੋਢਿਆਂ ‘ਤੇ ਬਾਦਲ ਪਰਿਵਾਰ ਨੂੰ ਸਿਆਸੀ ਤੌਰ ‘ਤੇ ਜਿਊਂਦਾ ਰੱਖਣ ਦੀ ਵੱਡੀ ਜ਼ਿੰਮੇਵਾਰੀ ਪੈ ਗਈ ਹੈ। ਉਂਝ ਤਾਂ ਹਰਸਿਮਰਤ ਕੌਰ ਬਾਦਲ ਲਗਾਤਾਰ 3 ਵਾਰ ਇੱਥੋਂ ਲੋਕ ਸਭਾ ਚੋਣ ਜਿੱਤ ਚੁੱਕੀ ਹੈ, ਪਰ ਇਸ ਵਾਰ ਇਸ ਸੀਟ ‘ਤੇ ਸਾਰਿਆਂ ਦੀ ਖ਼ਾਸ ਨਿਗਾਹ ਹੈ।
ਬਠਿੰਡਾ ਲੋਕ ਸਭਾ ਹਲਕੇ ਦੀ ਗੱਲ ਕਰੀਏ ਤਾਂ ਇਸ ‘ਚ ਮੁਕਤਸਰ ਜ਼ਿਲ੍ਹੇ ਤੋਂ ਇਕ ਵਿਧਾਨ ਸਭਾ ਹਲਕਾ- ਲੰਬੀ, 5 ਵਿਧਾਨ ਸਭਾ ਹਲਕੇ ਬਠਿੰਡਾ ਅਤੇ 3 ਮਾਨਸਾ ਜ਼ਿਲ੍ਹੇ ਵਿਚ ਪੈਂਦੇ ਹਨ। ਇਨ੍ਹਾਂ ਸਾਰੇ ਹਲਕਿਆਂ ‘ਚ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਹਨ। ਬਠਿੰਡਾ ਸੀਟ ‘ਤੇ ਇਸ ਵਾਰ ਕੁੱਲ 18 ਉਮੀਦਵਾਰ ਮੈਦਾਨ ‘ਚ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕੌਣ ਬਾਜ਼ੀ ਮਾਰਦਾ ਹੈ।
ਇਸ ਵਾਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਫਸਵਾਂ ਮੁਕਾਬਲਾ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਲੰਬੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਖੁੱਡੀਆਂ ਨੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਦਗੀ ਦੇ ਆਖ਼ਰੀ ਪੜਾਅ ’ਚ ਹਾਰ ਦਾ ਮੂੰਹ ਦਿਖਾਇਆ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਖੁੱਡੀਆਂ ਇਸ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਸ਼ਿਕਸਤ ਦਿੰਦੇ ਹਨ ਜਾਂ ਹਰਸਿਮਰਤ ਆਪਣੇ ਸਹੁਰੇ ਦੀ ਹਾਰ ਦਾ ਹਿਸਾਬ ਬਰਾਬਰ ਕਰਨ ਵਿਚ ਸਫ਼ਲ ਰਹੇਗੀ। ਇਸ ਤੋਂ ਇਲਾਵਾ ਇੱਥੋਂ ਕਾਂਗਰਸ ਦੇ ਜੀਤ ਮਹਿੰਦਰ ਸਿੰਘ, ਭਾਜਪਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਬੀ. ਐੱਸ. ਪੀ. ਤੋਂ ਨਿੱਕਾ ਸਿੰਘ ਚੋਣ ਮੈਦਾਨ ‘ਚ ਹਨ।

