ਗੋਲਡੀ ਬਰਾੜ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ AGTF ਨੇ ਕੀਤਾ ਕਾਬੂ

ਚੰਡੀਗੜ੍ਹ – ਸੂਬੇ ਵਿਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮਹਿਮਦਪੁਰ, ਐੱਸ. ਏ. ਐੱਸ. ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਕਈ ਘਿਨੌਣੇ ਅਪਰਾਧਾਂ ਦੇ ਕੇਸ ਦਰਜ ਹਨ। ਪੁਲਸ ਟੀਮ ਨੇ ਉਸ ਦੇ ਕਬਜ਼ੇ ਵਿਚੋਂ ਇਕ .30 ਬੋਰ ਦਾ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ’ਤੇ ਕਾਰਵਾਈ ਕਰਦੇ ਹੋਏ ਏ. ਡੀ. ਜੀ. ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ. ਜੀ. ਟੀ. ਐੱਫ. ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ’ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਟੀਮਾਂ ਨੇ ਇਹ ਕਾਰਵਾਈ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ, ਜਿਸ ਦੀ ਨਿਗਰਾਨੀ ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ. ਆਈ. ਜੀ. ਸੰਦੀਪ ਗੋਇਲ ਨੇ ਕੀਤੀ।

ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ’ਚ ਪੰਜਾਬ ਪੁਲਸ ਨੇ ਐਨਕਾਊਂਟਰ ’ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ’ਚ ਦੋਸ਼ੀ ਵਿਜੇ 2 ਸਾਲ ਤਕ ਅੰਬਾਲਾ ਜੇਲ੍ਹ ’ਚ ਬੰਦ ਰਿਹਾ। ਇਸ ਸਬੰਧੀ ਪੁਲਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐੱਫ. ਆਈ. ਆਰ. ਨੰਬਰ 23 ਮਿਤੀ 12-06-24 ਦਰਜ ਹੈ।

Add a Comment

Your email address will not be published. Required fields are marked *