ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪੇਸ਼

ਚੰਡੀਗੜ੍ਹ, 27 ਸਤੰਬਰ– :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਰੋਸਗੀ ਮਤੇ ਨੂੰ ਗੈਰਕਾਨੂੰਨੀ ਤੇ ਗੈਰਸੰਵਿਧਾਨਕ ਕਰਾਰ ਦਿੱਤਾ। ਰੌਲੇ-ਰੱਪੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਦਨ ਦੀ ਕਾਰਵਾਈ ਤਿੰਨ ਵਾਰੀ ਮੁਲਤਵੀ ਕਰਨੀ ਪਈ ਤੇ ਆਖਿਰ ਨੂੰ ਕਾਂਗਰਸ ਦੇ ਸਾਰੇ ਮੈਂਬਰਾਂ ਨੂੰ ਸਦਨ ਵਿੱਚੋਂ ਕੱਢਣ ਦੇ ਹੁਕਮ ਦਿੱਤੇ। ਇਸ ਦੌਰਾਨ ਇਕ ਦਿਨ ਲਈ ਸੱਦੇ ਇਜਲਾਸ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ ਤੇ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਭਰੋਸਗੀ ਮਤੇ ’ਤੇ ਬਹਿਸ ਦਾ ਜਵਾਬ ਦੇਣਗੇ। ਵਿਧਾਨ ਸਭਾ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ 29, 30 ਸਤੰਬਰ ਅਤੇ 3 ਅਕਤੂਬਰ ਨੂੰ ਸਦਨ ਜੁੜੇਗਾ ਤੇ ਵਿਸ਼ੇਸ਼ ਇਜਲਾਸ ਦੀਆਂ ਕੁੱਲ ਚਾਰ ਬੈਠਕਾਂ ਹੋਣਗੀਆਂ। ਇਸ ਦੌਰਾਨ ਸਰਕਾਰ ਵੱਲੋਂ ਕੁਝ ਬਿਲ ਵੀ ਪੇਸ਼ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿਵੇਂ ਹੀ ਸਦਨ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਕਾਰਵਾਈ ਨੂੰ ਵਿਧਾਨ ਸਭਾ ਦੀ ਨਿਯਮਾਂਵਲੀ ਅਤੇ ਸੰਵਿਧਾਨ ਦੀ ਖਿਲਾਫ਼ਵਰਜ਼ੀ ਕਰਾਰ ਦਿੰਦਿਆਂ ਵਿਰੋਧ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਮਤੇ ’ਤੇ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਪਹਿਲਾਂ ਤਾਂ ਸਿਫ਼ਰ ਕਾਲ ਦੀ ਮੰਗ ਕੀਤੀ ਜਦੋਂ ਸਪੀਕਰ ਨੇ ਇਜਾਜ਼ਤ ਨਾ ਦਿੱਤੀ, ਤਾਂ ਸਦਨ ਵਿੱਚ ਮਾਹੌਲ ਅਸ਼ਾਂਤ ਬਣਦਾ ਦੇਖ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸ਼ੋਰ-ਸ਼ਰਾਬਾ ਸ਼ੁਰੂ ਕਰ ਦਿੱਤਾ। ਹਾਕਮ ਧਿਰ ਦੇ ਮੈਂਬਰਾਂ ਨੇ ਵੀ ਵਿਰੋਧੀ ਧਿਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਭਾਰੀ ਸ਼ੋਰ-ਸ਼ਰਾਬੇ ਦੌਰਾਨ ਜਦੋਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ ਤਾਂ ਸਪੀਕਰ ਵੱਲੋਂ ਕਾਂਗਰਸੀ ਮੈਂਬਰਾਂ ਨੂੰ ਲਗਾਤਾਰ ਤਾੜਨਾ ਕੀਤੀ ਜਾਣ ਲੱਗੀ। ਅਖੀਰ ਕਾਂਗਰਸ ਦੇ ਸਾਰੇ ਮੈਂਬਰਾਂ ਖਿਲਾਫ਼ ਕਾਰਵਾਈ ਕਰਦਿਆਂ ਮਾਰਸ਼ਲਾਂ ਨੂੰ ਹੁਕਮ ਦਿੱਤੇ ਕਿ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕੱਢਿਆ ਜਾਵੇ। ਮਾਰਸ਼ਲ ਜਦੋਂ ਹੁਕਮਾਂ ਦੀ ਤਾਮੀਲ ਕਰਵਾਉਣ ਵਿੱਚ ਕਾਮਯਾਬ ਨਾ ਹੋਏ ਤਾਂ ਸਪੀਕਰ ਨੂੰ ਮੁੜ ਤੋਂ ਸਦਨ ਉਠਾਉਣਾ ਪਿਆ। ਸਦਨ ਮੁਲਤਵੀ ਹੋਣ ਸਮੇਂ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਰਮਿਆਨ ਤਣਾਅ ਬਣਿਆ ਰਿਹਾ। ਅਖੀਰ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸ਼ਾਂਤ ਕੀਤੇ ਜਾਣ ਮਗਰੋਂ ਕਾਂਗਰਸ ਦੇ ਵਿਧਾਇਕ ਸਦਨ ਵਿੱਚੋਂ ਬਾਹਰ ਗਏ। ਇਸ ਸਮੇਂ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਦਰਮਿਆਨ ਤਲਖੀ ਵੀ ਹੋਈ। ਸਦਨ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਧਾਇਕ ਹੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਮਗਰੋਂ ਕਾਂਗਰਸੀ ਵਿਧਾਇਕਾਂ ਦੀ ਗੈਰਹਾਜ਼ਰੀ ਵਿੱਚ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਦਿਆਂ ਕਿਹਾ ਕਿ ‘ਇਹ ਸਦਨ ਮੰਤਰੀ ਮੰਡਲ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰਦਾ ਹੈ’। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਮੁੱਖ ਮੰਤਰੀ ਵੱਲੋਂ ਪੇਸ਼ ਮਤੇ ਦੀ ਤਾਈਦ ਕੀਤੀ। ਮੁੱਖ ਮੰਤਰੀ ਨੇ ਸਦਨ ਵਿੱਚ ਬੋਲਦਿਆਂ ਕਾਂਗਰਸ ਨੂੰ ਭਾਰਤੀ ਜਨਤਾ ਪਾਰਟੀ ਦੀ ‘ਬੀ’ ਟੀਮ ਕਰਾਰ ਦਿੰਦਿਆਂ ਦੋਵਾਂ ਪਾਰਟੀਆਂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਵਿਧਾਇਕਾਂ ਨੂੰ ਲੁਭਾ ਕੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਤੇ ਹੋਰ ਸੂਬਿਆਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਭੰਗ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਿੰਨ ਦਫ਼ਾ ਸਰਕਾਰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਪੰਜਾਬ ਵਿੱਚ ਪੈਸੇ ਨਾਲ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਸੱਤਾ ਹਾਸਲ ਕਰਨ ਦੀ ਮ੍ਰਿਗ ਤ੍ਰਿਸ਼ਨਾ ਪਿੱਛੇ ਭੱਜ ਰਹੀ ਹੈ ਅਤੇ ਇਸ ਕਦਮ ਰਾਹੀਂ ਉਹ ‘ਦੁੱਕੀਆਂ ਨਾਲ ‘ਆਪ’ ਦੇ ਯੱਕੇ ਖਰੀਦਣ’ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕੀਤੀ ਹੈ, ਪਰ ਰਾਜਸਥਾਨ ਵਿੱਚ ਕਾਂਗਰਸ ਖ਼ਤਮ ਹੋਣ ਕੰਢੇ ਹੈ। ਇਸ ਯਾਤਰਾ ਦੌਰਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਜਾਣਬੁੱਝ ਕੇ ਦੂਰੀ ਰੱਖੀ ਗਈ ਹੈ ਤਾਂ ਕਿ ਚੋਣਾਂ ਵਿੱਚ ਪੂਰੀ ਤਰ੍ਹਾਂ ਭਾਜਪਾ ਨੂੰ ਲਾਹਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਦੇ ਇਸ਼ਾਰੇ ਉਤੇ ਚੱਲ ਰਹੇ ਸਨ, ਨੇ ਹੁਣ ਰਸਮੀ ਤੌਰ ’ਤੇ ਭਾਜਪਾ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੁੰਦੀ ਹੈ ਪਰ ਭਾਜਪਾ ਅਤੇ ਕਾਂਗਰਸ ‘ਅਪਰੇਸ਼ਨ ਲੋਟਸ’ ਰਾਹੀਂ ਲੋਕਾਂ ਦੇ ਫਤਵੇ ਦਾ ਅਪਮਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਪੂਰਾ ਭਰੋਸਾ ਪ੍ਰਗਟ ਕੀਤਾ ਅਤੇ ਇਸ ਵਿਸ਼ਵਾਸ ਨੂੰ ਬਹਾਲ ਕਰਨ ਲਈ ਇਹ ਮਤਾ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਵੀ ਵਿਰੋਧੀਆਂ ’ਤੇ ਵਿਅੰਗ ਕੱਸੇ। 

ਕਾਂਗਰਸ ਹੀ ਦੱਸ ਦੇਵੇ ਚੰਨੀ ਕਿੱਥੇ ਹੈ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਅਤੇ ਕਿਵੇਂ ਲਏ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ….ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਅਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ? ਇਸ ਦੌਰਾਨ ਕਾਂਗਰਸ ਦੇ ਦੋ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਪਰਗਟ ਸਿੰਘ ਸਮੇਤ ਆਜ਼ਾਦ ਵਿਧਾਇਕ ਰਾਣਾ ਇੰਦਰ ਸਿੰਘ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਗੈਰਹਾਜ਼ਰ ਰਹੇ। ਪਰਗਟ ਸਿੰਘ ਅੱਜਕੱਲ੍ਹ ਵਿਦੇਸ਼ ਗਏ ਹੋਏ ਹਨ।

Add a Comment

Your email address will not be published. Required fields are marked *