ਪੰਜਾਬ: ਇਕ ਵਿਧਾਇਕ-ਇਕ ਪੈਨਸ਼ਨ ਲਾਗੂ

ਚੰਡੀਗੜ੍ਹ, 13 ਅਗਸਤ 

ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸਹੂਲਤ ਰੈਗੂਲੇਸ਼ਨ) ਸੋਧ ਐਕਟ 2022 ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨੀ ਗੱਫਿਆਂ ਦੀ ਥਾਂ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ’ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ। ਇਹ ਬਿੱਲ ਪ੍ਰਵਾਨਗੀ ਲਈ ਜੂਨ ਦੇ ਅਖੀਰ ਤੋਂ ਹੀ ਰਾਜਪਾਲ ਕੋਲ ਪਿਆ ਸੀ। ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਮਗਰੋਂ ਹੁਣ ਉਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਅਦਾਇਗੀ 75 ਹਜ਼ਾਰ ਰੁਪਏ ਦੇ ਕਰੀਬ ਮੰਨੀ ਜਾਂਦੀ ਹੈ। ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਭਾਵੇਂ ਕੋਈ ਵੀ ਸਿਆਸਤਦਾਨ ਕਿੰਨੀ ਵਾਰ ਵਿਧਾਇਕ ਚੁਣਿਆ ਗਿਆ ਹੋਵੇ, ਉਸ ਨੂੰ ਇੱਕ ਹੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਪਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਤ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗੇਗਾ। ਮੁੱਖ ਮੰਤਰੀ ਨੇ ਆਪਣੇ ਐਲਾਨ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਸੀ ਕਿ ਕਈ ਸਾਬਕਾ ਵਿਧਾਇਕਾਂ ਨੂੰ ਦੋ ਲੱਖ, 3 ਲੱਖ, 5 ਲੱਖ ਅਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਨੂੰ 7 ਲੱਖ ਰੁਪਏ ਤੱਕ ਪੈਨਸ਼ਨ ਮਿਲਦੀ ਹੈ। ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੀਆਂ ਹਸਤੀਆਂ ਨੂੰ ਛੋਟ ਦਿੱਤੀ ਗਈ ਹੈ ਕਿ ਉਹ ਇੱਕੋ ਸਮੇਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵਾਲੀ ਭਾਵ ਦੋਵੇਂ ਪੈਨਸ਼ਨ ਹਾਸਲ ਕਰਨ ਦਾ ਹੱਕ ਰੱਖਦੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ 17 ਅਗਸਤ, 2021 ਨੂੰ ਪੰਜਾਬ ਵਿਧਾਨ ਸਭਾ ਦੇ ਤਤਕਾਲੀ ਸਪੀਕਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਮੌਜੂਦਾ ਵਿਵਸਥਾ ਮੁਤਾਬਕ ਜੇਕਰ ਕੋਈ ਦੋ ਵਾਰ ਵਿਧਾਇਕ ਰਹਿ ਜਾਂਦਾ ਹੈ ਤਾਂ ਉਸ ਨੂੰ 1.25 ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਹਰ ਇੱਕ ਟਰਮ ਵਿਚ 50 ਹਜ਼ਾਰ ਰੁਪਏ ਦਾ ਵਾਧਾ ਜੁੜਦਾ ਹੈ ਜੋ ਕਰੀਬ 66 ਫ਼ੀਸਦੀ ਬਣਦਾ ਹੈ। ਬੇਸ਼ੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਹ 10 ਵਾਰੀ ਵਿਧਾਇਕ ਰਹੇ ਹੋਣ ਕਰਕੇ 5.25 ਲੱਖ ਰੁਪਏ ਦੀ ਪੈਨਸ਼ਨ ਦੇ ਹੱਕਦਾਰ ਹਨ। ਭਗਵੰਤ ਸਿੰਘ ਮਾਨ ਨੇ ਪੈਨਸ਼ਨਾਂ ’ਤੇ ਲਕੀਰ ਫੇਰਦਿਆਂ ਦਾਅਵਾ ਕੀਤਾ ਸੀ ਕਿ ਵਿਧਾਇਕਾਂ ਦੀਆਂ ਪੈਨਸ਼ਨਾਂ ਨਾਲ ਖ਼ਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਹੈ। ਪੰਜਾਬ ਦੇ ਇਸ ਵੇਲੇ ਦੋ ਸੌ ਦੇ ਕਰੀਬ ਸਾਬਕਾ ਵਿਧਾਇਕ ਹਨ ਜਿਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਹੈ ਜਾਂ ਮਿਲਣੀ ਹੈ।

ਬਾਦਲ, ਕੈਪਟਨ, ਭੱਠਲ ਸਮੇਤ ਕਈਆਂ ਨੂੰ ਲੱਗੇਗਾ ਮੋਟਾ ਵਿੱਤੀ ਝਟਕਾ

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਜਿਨ੍ਹਾਂ ਸਿਆਸਤਦਾਨਾਂ ਨੂੰ ਵੱਡਾ ਵਿੱਤੀ ਝਟਕਾ ਲੱਗੇਗਾ, ਉਨ੍ਹਾਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸਰਵਣ ਸਿੰਘ ਫਿਲੌਰ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਬਾਦਲ, ਓਮ ਪ੍ਰਕਾਸ਼ ਸੋਨੀ, ਨਿਰਮਲ ਸਿੰਘ ਕਾਹਲੋਂ, ਰਾਕੇਸ਼ ਪਾਂਡੇ, ਬਲਬੀਰ ਸਿੰਘ ਘੁੰਨਸ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਦਿ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਦਾ ਗਠਨ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਨਾ ਲੈਣ ਦਾ ਐਲਾਨ ਕਰਦਿਆਂ ਆਪਣੀ ਸਾਰੀ ਪੈਨਸ਼ਨ ਪੰਜਾਬ ਦੀ ਭਲਾਈ ’ਤੇ ਲਾਉਣ ਲਈ ਸਰਕਾਰ ਨੂੰ ਪੱਤਰ ਲਿਖਿਆ ਸੀ। 

Add a Comment

Your email address will not be published. Required fields are marked *