ਪਾਕਿਸਤਾਨ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਤੀ ਅੰਤਰਿਮ ਜ਼ਮਾਨਤ

ਇਸਲਾਮਾਬਾਦ – ਪਾਕਿਸਤਾਨ ਦੀ ਇਕ ਅਦਾਲਤ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਸ਼ੁੱਕਰਵਾਰ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਥਾਨਕ ਮੈਜਿਸਟ੍ਰੇਟ ਨੇ ਖਾਨ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਬੀਤੀ 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ, ਖਾਨ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਨਾਲ ਹੋਏ ਵਿਵਹਾਰ ਨੂੰ ਲੈ ਕੇ ਚੋਟੀ ਦੇ ਪੁਲਸ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਵਿਰੁੱਧ ਕੇਸ ਦਰਜ ਕਰਾਉਣ ਦੀ ਧਮਕੀ ਦਿੱਤੀ ਸੀ। ਗਿੱਲ ਨੂੰ ਦੇਸ਼ ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਾਬਕਾ ਪ੍ਰਧਾਨ ਮੰਤਰੀ ਨੇ ਵਧੀਕ ਸੈਸ਼ਨ ਜੱਜ ਜੇਬਾ ਚੌਧਰੀ ਬਾਰੇ ਵੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਨ੍ਹਾਂ ਨੇ ਕੈਪੀਟਲ ਟੈਰੀਟਰੀ ਪੁਲਸ ਦੀ ਬੇਨਤੀ ‘ਤੇ ਗਿੱਲ ਦੀ ਦੋ ਦਿਨ ਦੀ ਹਿਰਾਸਤ ਨੂੰ ਮਨਜ਼ੂਰੀ ਦਿੱਤੀ ਸੀ। ਖਾਨ ਨੇ ਚੌਧਰੀ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਖ਼ੁਦ ਨੂੰ ਤਿਆਰ ਕਰਨਾ ਚਾਹੀਦਾ, ਕਿਉਂਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਭਾਸ਼ਣ ਦੇ ਕੁਝ ਘੰਟਿਆਂ ਬਾਅਦ, ਇਸ ਸਬੰਧ ਵਿੱਚ ਖਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਸਥਾਨਕ ਮੈਜਿਸਟ੍ਰੇਟ ਨੇ ਸ਼ਨੀਵਾਰ ਨੂੰ ਪੁਲਸ ਦੀ ਬੇਨਤੀ ‘ਤੇ ਖਾਨ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਇਸ ਦੌਰਾਨ ਇਹ ਅਫ਼ਵਾਹ ਸੀ ਕਿ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਬਨੀਗਾਲਾ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ। ਖਾਨ ਦੇ ਵਕੀਲ ਬਾਬਰ ਅਵਾਨ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਦੇ ਨਾਲ ਇਸਲਾਮਾਬਾਦ ਹਾਈ ਕੋਰਟ ਤੱਕ ਪਹੁੰਚ ਕੀਤੀ।

Add a Comment

Your email address will not be published. Required fields are marked *