ਬੇਰੁਜ਼ਗਾਰ ਅਧਿਆਪਕਾਂ ਨੇ ਭਗਵੰਤ ਮਾਨ ਤੇ ਬੈਂਸ ਦੇ ਪੁਤਲੇ ਫੂਕੇ

ਸੰਗਰੂਰ, 5 ਅਕਤੂਬਰ

ਈਟੀਟੀ ਟੈਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਸੰਗਰੂਰ ਵਿੱਚ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਸੂਬਾ ਪੱਧਰੀ ਮਰਨ ਵਰਤ ਚੌਥੇ ਦਿਨ ਵੀ ਲਗਾਤਾਰ ਜਾਰੀ ਰਿਹਾ। ਅੱਜ ਦਸਹਿਰੇ ਵਾਲੇ ਦਿਨ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਰਾਵਨ ਰੂਪੀ ਪੁਤਲੇ ਫੂਕ ਕੇ ਮੁਜ਼ਾਹਰਾ ਕੀਤਾ। ਅੱਜ ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਆਗੂ ਕ੍ਰਿਸ਼ਨ ਸਿੰਘ ਦੁੱਗਾਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੇ ਪੁੱਜ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਅੱਜ ਚੌਥੇ ਦਿਨ ਵੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਮਰਨ ਵਰਤ ’ਤੇ ਡਟੇ ਰਹੇ। ਪ੍ਰਦਰਸ਼ਨ ਦੌਰਾਨ ਸਿਹਤ ਖ਼ਰਾਬ ਹੋਣ ਮਗਰੋਂ ਲਾਲ ਬੱਤੀ ਚੌਕ ਤੋਂ ਸੁਰਿੰਦਰਪਾਲ ਗੁਰਦਾਸਪੁਰ ਨੂੰ ਰਿਕਸ਼ੇ ’ਚ ਬਿਠਾ ਕੇ ਮਰਨ ਵਰਤ ਕੈਂਪ ਤੱਕ ਵਾਪਸ ਲਿਆਂਦਾ ਗਿਆ। ਸੁਰਿੰਦਰਪਾਲ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਸਕੱਤਰ ਪੰਜਾਬ ਨਾਲ ਮੀਟਿੰਗ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਪੰਜਾਬ ਸਰਕਾਰ ਦੇ ਹਰ ਅਧਿਕਾਰੀ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਪਰ ਸਰਕਾਰ ਵੱਲੋਂ ਅਦਾਲਤ ਵਿਚ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਹਲਫ਼ਨਾਮਾ ਦਾਇਰ ਕਰਨ ਤਕ ਮਰਨ ਵਰਤ ਜਾਰੀ ਰਹੇਗਾ। ਇਸ ਮੌਕੇ ਰਵੀ ਕੁਮਾਰ ਪਠਾਨਕੋਟ, ਸ਼ਲਿੰਦਰ ਲਾਧੂਕਾ, ਨਰਿੰਦਰ ਸੰਗਰੂਰ, ਗੁਰਪ੍ਰੀਤ ਸਮਾਣਾ, ਜੀਵਨ ਮੂਣਕ, ਗੁਰਜੰਟ ਪਟਿਆਲਾ, ਹਰਬੰਸ ਪਟਿਆਲਾ ਆਦਿ ਮੌਜੂਦ ਸਨ।

Add a Comment

Your email address will not be published. Required fields are marked *