ਸਿਵਲ ਹਸਪਤਾਲ ਦੇ ਡਾਕਟਰ ਹੁਣ ਨਹੀਂ ਲਿਖ ਸਕਣਗੇ ਪ੍ਰਾਈਵੇਟ ਕੰਪਨੀਆਂ ਦੀਆਂ ਦਵਾਈਆਂ

ਅੰਮ੍ਰਿਤਸਰ – ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਹੁਣ ਡਾਕਟਰ ਪ੍ਰਾਈਵੇਟ ਕੰਪਨੀਆਂ ਦੀਆਂ ਦਵਾਈਆਂ ਨਹੀਂ ਲਿਖ ਸਕਣਗੇ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਜੇਕਰ ਕੋਈ ਡਾਕਟਰ ਪ੍ਰਾਈਵੇਟ ਕੰਪਨੀਆਂ ਦੀ ਦਵਾਈ ਲਿਖਦਾ ਹੋਇਆ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਜਿੱਥੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਥੇ ਮਰੀਜ਼ਾਂ ਦਾ ਸੋਸ਼ਣ ਕਰਨ ਅਤੇ ਨਿੱਜੀ ਕੰਪਨੀਆਂ ਨੂੰ ਲਾਭ ਦੇਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਸੋਸ਼ਣ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਡਾ. ਚਰਨਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਖੇ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਰੋਜ਼ਾਨਾ ਇਕ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਲਈ ਇੱਥੇ ਆਉਂਦੇ ਹਨ। ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਦੀ ਕਾਇਆਕਲੱਪ ਕੀਤੀ ਜਾ ਰਹੀ ਹੈ ਅਤੇ ਸਪੱਸ਼ਟ ਕਿਹਾ ਗਿਆ ਹੈ ਕਿ ਮਰੀਜ਼ਾਂ ਨੂੰ ਸਿਰਫ਼ ਸਰਕਾਰੀ ਦਵਾਈਆਂ ਹੀ ਦਿੱਤੀਆ ਜਾਣ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹਨ। ਡਾਕਟਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਿਰਫ਼ ਤੇ ਸਿਰਫ਼ ਸਰਕਾਰੀ ਡਿਸਪੈਂਸਰੀ ਦੀ ਦਵਾਈ ਲਿਖਣ ਲਈ ਕਿਹਾ ਗਿਆ ਹੈ ਨਾ ਕਿ ਕਿਸੇ ਪ੍ਰਾਈਵੇਟ ਕੰਪਨੀ ਦੀ ਦਵਾਈ। ਡਾਕਟਰਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਇਸ ਸਬੰਧ ਵਿਚ ਉਨ੍ਹਾਂ ਕੋਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮਰੀਜ਼ਾਂ ਨੂੰ ਲਿਖੀ ਗਈ ਦਵਾਈ ਦੀ ਵੀ ਜਾਂਚ ਕੀਤੀ ਗਈ।

ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰਮੋਹਨ ਨੂੰ ਕਿਹਾ ਕਿ ਜੇਕਰ ਕਿਸੇ ਥਾਂ ’ਤੇ ਕੋਈ ਅਣਗਹਿਲੀ ਪਾਈ ਜਾਂਦੀ ਹੈ ਉਸ ਦੀ ਜਵਾਬਦੇਹੀ ਵੀ ਹੋਵੇਗੀ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ ਜ਼ਿਲ੍ਹੇ ਦੇ ਬਾਕੀ ਹਸਪਤਾਲਾਂ ਵਿਚ ਵੀ ਲਾਗੂ ਕੀਤੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਮਿਲ ਰਹੀਆਂ ਦਵਾਈਆਂ ਹਸਪਤਾਲਾਂ ਵਿਚ ਭੇਜੀਆਂ ਜਾ ਰਹੀਆਂ ਹਨ। ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਮਿਲ ਰਹੀਆ ਹਨ। ਮਰੀਜ਼ਾਂ ਨੂੰ ਵੀ ਪ੍ਰਾਈਵੇਟ ਹਸਪਤਾਲਾਂ ਵਿਚ ਜਾਣ ਦੀ ਬਜਾਏ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਹਸਪਤਾਲ ਦੀ ਅਣਗਹਿਲੀ ਸਬੰਧੀ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸਾਰੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਦੇ ਮਰੀਜ਼ਾਂ ਤੱਕ ਪਹੁੰਚਾਉਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

Add a Comment

Your email address will not be published. Required fields are marked *