ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ : ਕੇਂਦਰ ਸਰਕਾਰ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ ’ਤੇ ਅੰਮ੍ਰਿਤਪਾਲ ਸਿੰਘ ਦੇ ਲਗਭਗ 11 ਹਜ਼ਾਰ ਫਾਲੋਅਰਸ ਸਨ। ਦਰਅਸਲ, ਕਾਨੂੰਨੀ ਮੰਗ ਦੇ ਜਵਾਬ ਵਿਚ ਭਾਰਤ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਇਹ ਕਾਰਵਾਈ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਅੰਮ੍ਰਿਤਪਾਲ ਸਿੰਘ ਦੀ ਬਿਆਨਬਾਜ਼ੀ ਖ਼ਿਲਾਫ਼ ਇਤਰਾਜ਼ ਜਤਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਰਾਜਾ ਵੜਿੰਗ ਨੇ ਵੀ ਕੀਤੀ ਸੀ ਕਾਰਵਾਈ ਦੀ ਮੰਗ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਅਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਅਤੇ ਖ਼ੂਨ ਬਹੁਤ ਪਵਿੱਤਰ ਹਨ, ਜੋ ਡੋਲੇ ਨਹੀਂ ਜਾ ਸਕਦੇ ਅਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ। ਪੱਤਰ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ ‘ਚ ਹੋਏ ਸਮਾਗਮ ਤੋਂ ਲੋਕਾਂ ‘ਚ ਕਈ ਖ਼ਦਸ਼ੇ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ‘ਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਹਨ, ਉਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ। ਉਨ੍ਹਾਂ ਲਿਖਿਆ ਕਿ ਇਸ ਸਮਾਗਮ ‘ਚ ਅੰਮ੍ਰਿਤ ਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ। ਇਹ ਮਾਹੌਲ ਖ਼ਰਾਬ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ, ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ।

Add a Comment

Your email address will not be published. Required fields are marked *