ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਚੰਡੀਗੜ੍ਹ, 14 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਕਿਹਾ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਵੇਰਵਿਆਂ ਅਨੁਸਾਰ ਪੰਜਾਬ ਵਿਚ 75 ‘ਆਮ ਆਦਮੀ ਕਲੀਨਿਕ’ ਤਿਆਰ ਹੋ ਗਏ ਹਨ। ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਕਲੀਨਿਕਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਨਗੇ। ਆਮ ਆਦਮੀ ਪਾਰਟੀ ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ। ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਨੁਕਤਾਚੀਨੀ ਵੀ ਕੀਤੀ ਹੈ ਅਤੇ ਇਨ੍ਹਾਂ ਦੇ ਰੰਗ-ਰੋਗਨ ’ਤੇ ਆਏ ਖ਼ਰਚੇ ’ਤੇ ਉਂਗਲ ਵੀ ਚੁੱਕੀ ਗਈ ਹੈ। ‘ਆਪ’ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਦੇ ਜ਼ਿਲ੍ਹਾਵਾਰ ਵੇਰਵੇ ਨਹੀਂ ਦਿੱਤੇ ਗਏ ਹਨ ਅਤੇ ਨਾ ਹੀ ਸਟਾਫ਼ ਦੀ ਗਿਣਤੀ ਬਾਰੇ ਦੱਸਿਆ ਗਿਆ ਹੈ। ਡਾਕਟਰਾਂ ਨੂੰ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਖ਼ਰਚਾ ਦਿੱਤਾ ਜਾਵੇਗਾ। ਮਰੀਜ਼ਾਂ ਦਾ ਵੇਰਵਾ ਵੀ ਡਿਜੀਟਲ ਰੂਪ ਵਿਚ ਰੱਖਿਆ ਜਾਵੇਗਾ। ਅਕਾਲੀ ਦਲ ਮੁਤਾਬਕ ‘ਆਪ’ ਸਰਕਾਰ ਵੱਲੋਂ ਗੱਠਜੋੜ ਸਰਕਾਰ ਵੇਲੇ ਬਣੇ ਸੇਵਾ ਕੇਂਦਰਾਂ ਵਿਚ ਹੀ ਇਹ ਕਲੀਨਿਕ ਖੋਲ੍ਹੇ ਜਾ ਰਹੇ ਹਨ।

Add a Comment

Your email address will not be published. Required fields are marked *