ਨਿਊਜ਼ੀਲੈਂਡ: ਜੈਸ਼ੰਕਰ ਨੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਛੋਹਿਆ

ਵੈਲਿੰਗਟਨ, 9 ਅਕਤੂਬਰ– ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਤੇ ਆਪਣੀ ਹਮਰੁਤਬਾ ਨਾਨਈਆ ਮਹੂਤਾ ਕੋਲ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਜੈਸ਼ੰਕਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਪ੍ਰਤੀ ਭਾਵਨਾਤਮਕ ਰੁਖ਼ ਅਪਨਾਉਣ। 

ਜ਼ਿਕਰਯੋਗ ਹੈ ਕਿ ਕੋਵਿਡ ਮਹਾਮਾਰੀ ਕਾਰਨ ਕਈ ਭਾਰਤੀ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਦੱਸਣਯੋਗ ਹੈ ਕਿ ਵਿਦੇਸ਼ ਮੰਤਰੀ ਵਜੋਂ ਇਹ ਜੈਸ਼ੰਕਰ ਦਾ ਇਹ ਪਹਿਲਾ ਨਿਊਜ਼ੀਲੈਂਡ ਦੌਰਾ ਹੈ। ਵੈਲਿੰਗਟਨ ਵਿਚ ਭਾਰਤੀ ਹਾਈ ਕਮਿਸ਼ਨ ਨਾਲ ਸਬੰਧਤ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਅੱਜ ਜੈਸ਼ੰਕਰ ਨੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਭਾਰਤੀ ਵਿਦੇਸ਼ ਮੰਤਰੀ ਨੇ ਇਸ ਮੌਕੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੇਂ ਸਿਰਿਓਂ ਵਿਉਂਤਣ ਦੀ ਲੋੜ ਹੈ। ਉਨ੍ਹਾਂ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰੋਬਾਰੀ, ਡਿਜੀਟਲ ਤੇ ਖੇਤੀਬਾੜੀ ਖੇਤਰਾਂ ਵਿਚ ਸਹਿਯੋਗ ਮਜ਼ਬੂਤ ਕਰਨ ਦੀਆਂ ਕਾਫ਼ੀ ਸੰਭਾਵਨਾਵਾਂ ਹਨ। 

ਵਿਦੇਸ਼ ਮੰਤਰੀ ਨੇ ਕਿਹਾ ਕਿ ਮਹਾਮਾਰੀ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਬਹੁਤ ਔਖ ਦਾ ਸਾਹਮਣਾ ਕਰਨਾ ਪਿਆ ਹੈ। ਜੈਸ਼ੰਕਰ ਨੇ ਇਸ ਮੌਕੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਨਿਊਜ਼ੀਲੈਂਡ ਸਰਕਾਰ ਭਾਰਤੀ ਵਿਦਿਆਰਥੀਆਂ ਦੀ ਮਦਦ ਕਰੇਗੀ। ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਲਈ ਵੱਡੀ ਗਿਣਤੀ ਵਿਚ ਨਿਊਜ਼ੀਲੈਂਡ ਜਾਂਦੇ ਹਨ। ਉਹ ਸੂਚਨਾ ਤਕਨੀਕ, ਮਹਿਮਾਨਨਿਵਾਜ਼ੀ, ਵਿਗਿਆਨ, ਇੰਜਨੀਅਰਿੰਗ ਤੇ ਇਮਾਰਤਸਾਜ਼ੀ ਆਦਿ ਦੀ ਪੜ੍ਹਾਈ ਕਰਦੇ ਹਨ। ਵੀਰਵਾਰ ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਦੌਰਾਨ ਵੀਜ਼ੇ ਦਾ ਮੁੱਦਾ ਵੀ ਉਠਾਇਆ ਸੀ। ਉਨ੍ਹਾਂ ਆਪਣੀ ਹਮਰੁਤਬਾ ਨੂੰ ਵੀਜ਼ਾ ਦੇਣ ਦੀ ਪ੍ਰਕਿਰਿਆ ਤੇਜ਼ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਜੈਸ਼ੰਕਰ ਨੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਵੀ ਛੋਹਿਆ ਸੀ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਵਿਚ ਇਸ ਵੇਲੇ ਭਾਰਤੀ ਮੂਲ ਦੇ ਕਰੀਬ 2,50,000 ਲੋਕ ਅਜਿਹੇ ਹਨ ਜਿਨ੍ਹਾਂ ਉੱਥੋਂ ਦੀ ਪੱਕੀ ਰਿਹਾਇਸ਼ (ਪੀਆਰ ਜਾਂ ਨਾਗਰਿਕਤਾ) ਲੈ ਲਈ ਹੈ।

Add a Comment

Your email address will not be published. Required fields are marked *