ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 10 ਅਕਤੂਬਰ

ਚੌਥੀ ਪਾਤਸ਼ਾਹੀ ਅਤੇ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਤੋਂ ਅਰਦਾਸ ਨਾਲ ਹੋਈ। ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ। ਇੱਥੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਸਭਾ-ਸੁਸਾਇਟੀਆਂ ਤੇ ਸੰਗਤ ਨੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਦਿੱਤੇ। ਵੱਖ-ਵੱਖ ਥਾਵਾਂ ’ਤੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਦਿੱਤੀ। ਮੁੰਬਈ ਦੀ ਸੰਗਤ ਵੱਲੋਂ ਦੇਸ਼-ਵਿਦੇਸ਼ ਤੋਂ ਲਿਆਂਦੇ 30 ਟਨ ਫੁੱਲਾਂ ਨਾਲ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ। ਇਸ ਲਈ ਕੋਲਕਾਤਾ ਤੇ ਦਿੱਲੀ ਤੋਂ ਕਰੀਬ 100 ਕਾਰੀਗਰ ਆਏ ਹਨ।

Add a Comment

Your email address will not be published. Required fields are marked *