ਪੰਜਾਬ ’ਚ ਲੋਕਾਂ ਨੂੰ ਗੁੰਮਰਾਹ ਕਰਕੇ ਹੋਂਦ ’ਚ ਆਈ ‘ਆਪ’ ਸਰਕਾਰ ਗੁਆ ਬੈਠੀ ਆਪਣੀ ਹੋਂਦ : ਸੁਖਬੀਰ ਬਾਦਲ

ਸੰਗਰੂਰ –ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਨੂੰ ਗੁੰਮਰਾਹ ਕਰਕੇ ਹੋਂਦ ’ਚ ਆਈ ‘ਆਪ’ ਸਰਕਾਰ ਆਪਣੀ ਹੀ ਹੋਂਦ ਗੁਆ ਬੈਠੀ ਹੈ। ਉਨ੍ਹਾਂ ਕਿਹਾ ਕਿ ਜੋ ਝੂਠ ਤੂਫ਼ਾਨ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਬੋਲਿਆ, ਉਸ ਦੇ ’ਚੋਂ ਇਕ ਵੀ ਗੱਲ ਜਾਂ ਵਾਅਦਾ ਪੂਰਾ ਨਹੀਂ ਹੋ ਰਿਹਾ। ਲੋਕਾਂ ਨੂੰ ਕਿਸਾਨ ਮਜ਼ਦੂਰ ਹਿਤੈਸ਼ੀ ਕਹਾਉਣ ਵਾਲੀ ‘ਆਪ’ ਦੀ ਸਰਕਾਰ ਦੇ ਰਾਜ ਅੰਦਰ ਅੱਜ ਸਭ ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਧਰਨੇ ਲੱਗੇ ਹੋਏ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੰਜਾਬ ਸਰਕਾਰ ਕੋਲ ਕੋਈ ਪੈਸਾ ਨਹੀਂ, ਜਿਸ ਕਾਰਨ ਮਜਬੂਰੀਵੱਸ ਸੰਘਰਸ਼ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਜਹਾਜ਼ਾਂ ਦੀ ਖ਼ਰੀਦੋ-ਫ਼ਰੋਖਤ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਕ-ਇਕ ਪੈਸੇ ਨਾਲ ਇਕੱਤਰ ਕੀਤੇ ਰੁਪਈਏ ਨੂੰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਕਰੋੜਾਂ ਰੁਪਏ ਦੀ ਐਡਵਰਟਾਈਜ਼ਿੰਗ ’ਤੇ ਬਰਬਾਦ ਕਰ ਰਿਹਾ ਹੈ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਦੇ ਹੋਂਦ ’ਚ ਆਉਣ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਗੇਟਾਂ ਅੱਗੇ ਲੋਕਾਂ ਨੂੰ ਧਰਨੇ ਮੁਜ਼ਾਹਰੇ ਕਰਨੇ ਪਏ। ਇਥੋਂ ਤੱਕ ਕਿ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੀ ਮਹੀਨੇ ਦੇ ਅੰਦਰ-ਅੰਦਰ ਹੀ ਦਿੱਲੀ ਦੇ ਟਿਕਰੀ ਬਾਰਡਰ ਵਾਲਾ ਮਾਹੌਲ ਬਣ ਗਿਆ ਹੈ।

ਬਾਦਲ ਸੰਗਰੂਰ ਵਿਖੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਿਰਕ ਦੇ ਘਰ ਇਕ ਸਮਾਗਮ ’ਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਖਡਿਆਲ ਹਲਕਾ ਇੰਚਾਰਜ ਸੰਗਰੂਰ, ਤੇਜਿੰਦਰ ਸਿੰਘ ਸੰਘਰੇੜੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਪਰਮਜੀਤ ਕੌਰ ਵਿਰਕ, ਇਕਬਾਲ ਸਿੰਘ ਪੂਨੀਆ, ਸੰਤ ਬਾਬਾ ਟੇਕ ਸਿੰਘ ਧਨੌਲਾ ਸਾਬਕਾ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਐਡਵੋਕੇਟ ਸੁਖਵੀਰ ਸਿੰਘ ਪੂਨੀਆ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।

Add a Comment

Your email address will not be published. Required fields are marked *