ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ

ਜਲੰਧਰ – ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫ਼ਤੇ ਵਿਚ ਜਵਾਬ ਮੰਗਿਆ ਅਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।

ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐੱਮ. ਪੀ. ਖ਼ਿਲਾਫ਼ ਤਿੰਨ ਵਿਸ਼ੇਸ਼ ਸ਼ਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੂੰ ਢਾਅ ਵੱਜੀ ਹੈ।

ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਹੈ, ਜੋ ਬਰਾੜ ਨੇ ਸੋਸ਼ਲ ਮੀਡੀਆ ਵਿਚ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਅਤੇ ਪਾਰਟੀ ਵਿਚ ਵੰਡੀਆਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੋਸਟ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿਚ ਸੱਦੀ ਪ੍ਰੈੱਸ ਕਾਨਫ਼ਰੰਸ ਦਾ ਵੀ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਲਿਆ ਸੀ। ਹਾਲਾਂਕਿ ਇਸ ਵਾਸਤੇ ਪਾਰਟੀ ਨੇ ਉਨ੍ਹਾਂ ਨੂੰ ਅਧਿਕਾਰਤ ਨਹੀਂ ਕੀਤਾ ਸੀ। ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਸੀਨੀਅਰ ਆਗੂ ਹਨ, ਜਿਸ ਲਈ ਉਨ੍ਹਾਂ ਨੂੰ ਸੰਜਮ ਵਰਤਣਾ ਚਾਹੀਦਾ ਸੀ ਅਤੇ ਪਾਰਟੀ ਦੇ ਅਧਿਕਾਰਤ ਪਲੇਟਫਾਰਮ ’ਤੇ ਹੀ ਆਪਣੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਸਨ, ਨਾ ਕਿ ਇਨ੍ਹਾਂ ਨੂੰ ਜਨਤਕ ਕਰਨਾ ਚਾਹੀਦਾ ਸੀ।

Add a Comment

Your email address will not be published. Required fields are marked *